ਸਾਬਕਾ ਡੀਆਈਜੀ ਭੁੱਲਰ ਨੂੰ ਵੱਡੀ ਰਾਹਤ, ਸੀਬੀਆਈ ਅਦਾਲਤ ਤੋਂ ਜ਼ਮਾਨਤ

52

ਚੰਡੀਗੜ੍ਹ 06 Jan 2026 AJ DI Awaaj

Chandigarh Desk : ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਮੰਜੂਰ ਕਰ ਲਈ। ਅਦਾਲਤ ਨੇ ਇਹ ਫੈਸਲਾ ਇਸ ਆਧਾਰ ‘ਤੇ ਸੁਣਾਇਆ ਕਿ ਸੀਬੀਆਈ ਨਿਰਧਾਰਤ 60 ਦਿਨਾਂ ਦੀ ਮਿਆਦ ਵਿੱਚ ਚਾਰਜਸ਼ੀਟ ਦਾਇਰ ਕਰਨ ਵਿੱਚ ਅਸਫ਼ਲ ਰਹੀ।

ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਨਰਿੰਦਰ ਸਿੰਘ ਨੇ ਦਲੀਲ ਦਿੱਤੀ ਕਿ ਆਮਦਨ ਤੋਂ ਵੱਧ ਜਾਇਦਾਦ ਵਰਗੇ ਗੰਭੀਰ ਮਾਮਲਿਆਂ ਵਿੱਚ 90 ਦਿਨਾਂ ਦੀ ਕਾਨੂੰਨੀ ਸਮਾਂ-ਸੀਮਾ ਲਾਗੂ ਹੁੰਦੀ ਹੈ। ਪਰ ਅਦਾਲਤ ਨੇ ਇਸ ਦਲੀਲ ਨੂੰ ਖਾਰਜ ਕਰਦਿਆਂ ਬਚਾਅ ਪੱਖ ਦੀਆਂ ਦਲੀਲਾਂ ਨੂੰ ਮੰਨ ਲਿਆ।

ਹਾਲਾਂਕਿ, ਜ਼ਮਾਨਤ ਮਿਲਣ ਦੇ ਬਾਵਜੂਦ ਹਰਚਰਨ ਸਿੰਘ ਭੁੱਲਰ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾਵੇਗਾ। ਉਹ ਇੱਕ ਹੋਰ ਜਬਰਨ ਵਸੂਲੀ ਦੇ ਮਾਮਲੇ ਵਿੱਚ ਹਾਲੇ ਵੀ ਨਿਆਂਇਕ ਹਿਰਾਸਤ ਵਿੱਚ ਰਹਿਣਗੇ, ਜਿਸ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਨੂੰ ਲੈ ਕੇ ਭੁੱਲਰ ਵੱਲੋਂ ਹਾਲੇ ਤੱਕ ਹਾਈ ਕੋਰਟ ਦਾ ਰੁਖ ਨਹੀਂ ਕੀਤਾ ਗਿਆ।

ਜ਼ਿਕਰਯੋਗ ਹੈ ਕਿ 29 ਅਕਤੂਬਰ ਨੂੰ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਵਿਰੁੱਧ ਰਿਸ਼ਵਤ ਦੇ ਮਾਮਲੇ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਵੇਲੇ ਭੁੱਲਰ ਪਹਿਲਾਂ ਹੀ ਰਿਸ਼ਵਤ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ। ਇਸ ਕੇਸ ਵਿੱਚ ਉਨ੍ਹਾਂ ਦੀ ਰਸਮੀ ਗ੍ਰਿਫ਼ਤਾਰੀ 5 ਨਵੰਬਰ ਨੂੰ ਦਰਸਾਈ ਗਈ ਸੀ।