ਪੰਜਾਬ ਸਕੂਲਾਂ ਦੀ ਵੱਡੀ ਖ਼ਬਰ: 20 ਜਨਵਰੀ ਤੱਕ ਮਾਪੇ ਇਹ ਕੰਮ ਜ਼ਰੂਰ ਕਰਨ

17

ਪੰਜਾਬ 12 Jan 2026 AJ DI Awaaj

Punjab Desk : ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਪਰ ਇਸ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਅਹਿਮ ਸੂਚਨਾ ਸਾਹਮਣੇ ਆਈ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT), ਪੰਜਾਬ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲੇ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾਵੇਗੀ।

ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ 3 ਜਨਵਰੀ ਤੋਂ 20 ਜਨਵਰੀ 2026 ਤੱਕ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਵਿਖੇ ਤਿੰਨ ਸਕੂਲ ਆਫ਼ ਐਮੀਨੈਂਸ ਚੱਲ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਇਸ ਵੇਲੇ 8ਵੀਂ ਅਤੇ 10ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਇਸ ਪ੍ਰੀਖਿਆ ਲਈ ਯੋਗ ਹਨ। ਸਫਲ ਉਮੀਦਵਾਰਾਂ ਨੂੰ ਅਗਲੇ ਅਕਾਦਮਿਕ ਸੈਸ਼ਨ 2026-27 ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ।

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਜਾਣਕਾਰੀ ਦਿੱਤੀ ਕਿ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਅਰਜ਼ੀ ਭਰਦੇ ਸਮੇਂ ਵਿਦਿਆਰਥੀ ਨੂੰ ਆਪਣੀ ਮੌਜੂਦਾ ਕਲਾਸ ਦੇ ਵੇਰਵੇ ਭਰਣੇ ਲਾਜ਼ਮੀ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਵਿਦਿਆਰਥੀ ਆਈਡੀ ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡੇਟਾ ਆਪਣੇ ਆਪ ਭਰ ਜਾਵੇਗਾ। ਜਦਕਿ ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਖੁਦ ਭਰਨੀ ਪਵੇਗੀ। ਸਾਰੇ ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕੇਗੀ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਓਟੀਪੀ ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ, ਇਸ ਲਈ ਮਾਪੇ ਸਮੇਂ ਸਿਰ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ।