ਪੰਜਾਬ 16 Jan 2026 AJ DI Awaaj
Punjab Desk : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਲ ਬਣਿਆ ਹੋਇਆ ਹੈ। ਇਸੇ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਅਹਿਮ ਭਵਿੱਖਬਾਣੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਮੁਤਾਬਕ ਅਗਲੇ ਹਫਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਕਿਤੇ-ਕਿਤੇ ਗੜ੍ਹੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 17 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ। ਪਹਾੜੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਵਿੱਚ ਮੌਸਮੀ ਬਦਲਾਅ ਦੇ ਆਸਾਰ ਬਣ ਰਹੇ ਹਨ।
18 ਤੋਂ 20 ਜਨਵਰੀ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਜਨਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਕੋਲਡ ਵੇਵ ਅਤੇ ਸੰਘਣੀ ਧੁੰਦ ਨੂੰ ਲੈ ਕੇ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 6.3 ਡਿਗਰੀ ਘੱਟ ਰਿਹਾ। ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬੁੱਧਵਾਰ ਨੂੰ ਬਠਿੰਡਾ ਅਤੇ ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ, ਜਿਸ ਨਾਲ ਠੰਡ ਦਾ ਅਸਰ ਹੋਰ ਵੀ ਤੇਜ਼ ਹੋ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਜ਼ਰੂਰੀ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।














