ਬਰਨਾਲਾ, 29 ਜਨਵਰੀ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਸ਼ਹਿਰ ਬਰਨਾਲਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਸੀ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਅਭਿਆਨ ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਰੇਸਕਿਊ ਉਪਰੰਤ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਨੁੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈਲਫ਼ੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਮਜ਼ਦੂਰੀ ਵਰਗੀਆਂ ਗੈਰ ਕਾਨੂੰਨੀ ਅਤੇ ਅਨੈਤਿਕ ਪ੍ਰਥਾਵਾਂ ਤੋਂ ਬਚਾਉਣਾ ਹੈ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ ਅਤੇ ਜੋ ਅਹਿਜਾ ਕਰਦਾ ਹੈ ਤਾਂ ਉਸਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਕਿਤੇ ਵੀ ਕੋਈ ਬੱਚਾ ਮਜ਼ਦੂਰੀ ਕਰਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ।
ਇਸ ਅਭਿਆਨ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਰਨਾਲਾ ਤੋਂ ਲੱਖਾ ਸਿੰਘ, ਸ਼ੋਸ਼ਲ ਵਰਕਰ ਬਲਵਿੰਦਰ ਸਿੰਘ, ਲੇਬਰ ਇੰਸਪੈਕਟਰ ਮਨਪ੍ਰੀਤ ਸਿੰਘ ਹਾਜ਼ਰ ਸਨ।














