ਜਲੰਧਰ: PM ਮੋਦੀ ਦੇ ਦੌਰੇ ਤੋਂ ਪਹਿਲਾਂ ਸਕੂਲਾਂ ਨੂੰ ਬੰਬ ਧ*ਮਕੀ

47

ਜਲੰਧਰ: 31 Jan 2026 AJ DI Awaaj

Punjab Desk :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 1 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਦੌਰੇ ਤੋਂ ਇੱਕ ਦਿਨ ਪਹਿਲਾਂ ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਅਲਰਟ ‘ਤੇ ਆ ਗਈਆਂ ਹਨ। ਸ਼ਨੀਵਾਰ ਨੂੰ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ, ਜਿਸ ਨਾਲ ਹੜਕੰਪ ਮਚ ਗਿਆ।

ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕੈਂਬਰਿਜ ਸਕੂਲ ਸਮੇਤ ਹੋਰ ਥਾਵਾਂ ‘ਤੇ ਜਾਂਚ ਮੁਹਿੰਮ ਚਲਾਈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਕਿਸੇ ਧਮਾਕੇ ਜਾਂ ਸ਼ੱਕੀ ਵਸਤੂ ਦੀ ਪੁਸ਼ਟੀ ਨਹੀਂ ਕੀਤੀ ਗਈ, ਪਰ ਸਕੂਲ ਪ੍ਰਾਂਗਣ ਵਿੱਚ ਪੁਲਿਸ ਦੀ ਭਾਰੀ ਤਾਇਨਾਤੀ ਵੇਖੀ ਗਈ।

ਜ਼ਿਕਰਯੋਗ ਹੈ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜਲੰਧਰ ਦੇ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀ ਐਲਾਨੀ ਗਈ ਸੀ, ਜਿਸ ਕਾਰਨ ਕਿਸੇ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਵ ਰਹਿਆ।

ਧਮਕੀ ਭਰੀ ਈਮੇਲ ‘ਬਿੱਲੀ ਹਾਲ’ ਨਾਮਕ ਆਈਡੀ ਤੋਂ ਭੇਜੀ ਗਈ ਸੀ, ਜਿਸ ਵਿੱਚ ਲਿਖਿਆ ਗਿਆ ਕਿ 3 ਤੋਂ 4 ਸਕੂਲਾਂ ਵਿੱਚ ਬੰਬ ਧਮਾਕੇ ਕੀਤੇ ਜਾਣਗੇ। ਈਮੇਲ ਵਿੱਚ ਇਹ ਵੀ ਕਿਹਾ ਗਿਆ ਕਿ ਇਸ ਧਮਕੀ ਦਾ ਡੇਰਾ ਸੱਚਖੰਡ ਬੱਲਾਂ ਜਾਂ ਸੰਤ ਨਿਰੰਜਣ ਦਾਸ ਜੀ ਨਾਲ ਕੋਈ ਸੰਬੰਧ ਨਹੀਂ ਹੈ, ਸਗੋਂ ਇਹ ਸਿਰਫ਼ ਪ੍ਰਧਾਨ ਮੰਤਰੀ ਮੋਦੀ ਨਾਲ ਜੁੜੀ ਹੋਈ ਹੈ। ਮੇਲ ਵਿੱਚ ਕੈਨੇਡਾ ਵਿੱਚ ਮਾਰੇ ਗਏ ਨਿੱਝਰ ਦਾ ਬਦਲਾ ਲੈਣ ਦੀ ਗੱਲ ਵੀ ਲਿਖੀ ਗਈ।

ਦੂਜੇ ਪਾਸੇ, ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਭਾਜਪਾ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਜਲੰਧਰ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਉੱਥੋਂ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਲਈ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਨਾਲ ਭਾਜਪਾ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗਾ।