ਮੁੱਖ ਮੰਤਰੀ ਸਿਹਤ ਯੋਜਨਾ: ਹਰ ਪਰਿਵਾਰ ਨੂੰ 10 ਲੱਖ ਤੱਕ ਮੁਫ਼ਤ ਇਲਾਜ

24
ਬਟਾਲਾ, 2 ਫਰਵਰੀ 2026 AJ DI Awaaj
Punjab Desk :  ਅੱਜ ਪਿੰਡ ਸ਼ੰਕਰਪੁਰਾ ਵਿਖੇ ਸਰਪੰਚ ਨਵਦੀਪ ਸਿੰਘ ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ‘ ਤਹਿਤ ਮੀਟਿੰਗ ਕਰਵਾਈ ਗਈ, ਜਿਸ ਵਿੱਚ ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਜੋਬਨ ਰੰਧਾਵਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮਾਝਾ ਜ਼ੋਨ ਦੇ ਐਜੂਕੇਸ਼ਨ ਵਿੰਗ ਦੇ ਪ੍ਰਧਾਨ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਅਤੇ ਜ਼ਿਲਾ ਸੋਸ਼ਲ ਮੀਡੀਆ ਸੈਕਟਰੀ ਗੁਰਵਿੰਦਰ ਸਿੰਘ ਪੰਨੂ ਵੀ ਹਾਜ਼ਰ ਸਨ ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 22 ਜਨਵਰੀ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਵੱਖ ਵੱਖ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਅਤੇ ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”
ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।