ਸ੍ਰੀ ਅਨੰਦਪੁਰ ਸਾਹਿਬ 03 Feb 2026 AJ DI Awaaj
Punjab Desk : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ 9 ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਲੋਕਾਂ ਦੀ ਸੁਵਿਧਾ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਦਿਵਾਉਣਾ ਹੈ। ਕੈਂਪ ਦੌਰਾਨ ਸਿਹਤ ਸੇਵਾਵਾਂ ਸਬੰਧੀ ਕਾਰਡ ਬਣਾਉਣ ਅਤੇ ਸਕੀਮ ਨਾਲ ਜੁੜੀਆਂ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹਰ ਪਰਿਵਾਰ ਨੂੰ ਵੱਡੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲੀ ਹੈ।
ਐਸ.ਡੀ.ਐਮ ਨੇ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਤਰ੍ਹਾਂ ਦੇ ਕੈਂਪਾਂ ਵਿੱਚ ਸ਼ਾਮਲ ਹੋਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਸਿਹਤ ਕੈਂਪ ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਪਹੁੰਚ ਬਣਾਉਣ ਦਾ ਸਭ ਤੋਂ ਵਧੀਆ ਮਾਧਿਅਮ ਹਨ।
ਉਨ੍ਹਾਂ ਹੋਰ ਦੱਸਿਆ ਕਿ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਹੇਠ ਇਸ ਤਰ੍ਹਾਂ ਦੇ ਕੈਂਪ ਸ੍ਰੀ ਅਨੰਦਪੁਰ ਸਾਹਿਬ ਅਤੇ ਇਲਾਕੇ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਝਾ ਨਾ ਰਹੇ।














