ਪੰਜਾਬ ਪੁਲਿਸ ਵੱਲੋਂ 72 ਘੰਟਿਆਂ ਦਾ ‘ਆਪ੍ਰੇਸ਼ਨ ਪ੍ਰਹਾਰ 2.0’ ਸ਼ੁਰੂ

15

ਪੰਜਾਬ 09 Feb 2026 AJ DI Awaaj

Punjab Desk : ਪੰਜਾਬ ਵਿੱਚ ਅਪਰਾਧ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਨੇ ਅੱਜ ਸਵੇਰੇ 8 ਵਜੇ ਤੋਂ 72 ਘੰਟਿਆਂ ਦਾ ਵਿਸ਼ੇਸ਼ ਅਭਿਆਨ ‘ਆਪ੍ਰੇਸ਼ਨ ਪ੍ਰਹਾਰ 2.0’ ਸ਼ੁਰੂ ਕਰ ਦਿੱਤਾ ਹੈ। ਇਸ ਆਪ੍ਰੇਸ਼ਨ ਤਹਿਤ ਵਾਂਟੇਡ ਅਤੇ ਸਰਗਰਮ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੁਹਿੰਮ ਲਈ ਕਰੀਬ 12 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਫੀਲਡ ਵਿੱਚ ਰਹਿ ਕੇ ਕਾਰਵਾਈ ਕਰਨਗੇ। ਸਾਰੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਗਲਤ ਰਾਹ ‘ਤੇ ਚਲੇ ਗਏ ਹਨ, ਜੇ ਉਹ ਸਰੰਡਰ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੂਰਾ ਮੌਕਾ ਦਿੱਤਾ ਜਾਵੇਗਾ।

ਪੁਲਿਸ ਵੱਲੋਂ ਆਪ੍ਰੇਸ਼ਨ ਲਈ ਖ਼ਾਸ ਰਣਨੀਤੀ ਤਿਆਰ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ ਦੀ ਸੂਚੀ ਅਤੇ ਹੌਟ ਸਪਾਟ ਖੇਤਰਾਂ ਦੀ ਪਛਾਣ ਕੀਤੀ ਗਈ ਹੈ, ਜਿਸ ਦੇ ਆਧਾਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਲਾਏ ਗਏ ‘ਆਪ੍ਰੇਸ਼ਨ ਪ੍ਰਹਾਰ-1’ ਦੌਰਾਨ ਕੁਝ ਸ਼ਰਾਰਤੀ ਤੱਤਾਂ ਵੱਲੋਂ ਸੋਸ਼ਲ ਮੀਡੀਆ ‘ਤੇ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਆਪ੍ਰੇਸ਼ਨ ਕਾਮਯਾਬ ਰਿਹਾ।

ਇਹ ਆਪ੍ਰੇਸ਼ਨ ਅਜਿਹੇ ਸਮੇਂ ਸ਼ੁਰੂ ਕੀਤਾ ਗਿਆ ਹੈ ਜਦੋਂ ਹਾਈਕੋਰਟ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਹੋਇਆ ਹੈ। ਮੋਹਾਲੀ ਵਿੱਚ ਐੱਸਐੱਸਪੀ ਦਫ਼ਤਰ ਅਤੇ ਚੰਡੀਗੜ੍ਹ ਵਿੱਚ ‘ਆਪ’ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਹਾਲੇ ਤੱਕ ਫਰਾਰ ਹਨ। ਵਿਰੋਧੀ ਧਿਰ ਵੱਲੋਂ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ, ਅਜਿਹੇ ਵਿੱਚ ‘ਆਪ੍ਰੇਸ਼ਨ ਪ੍ਰਹਾਰ 2.0’ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।