ਪੰਜਾਬ ਨਗਰ ਨਿਗਮ ਚੋਣਾਂ ਦੇ ਨੋਟੀਫਿਕੇਸ਼ਨ ‘ਤੇ ਰੋਕ

9

Chandigarh 19 Feb 2026 AJ DI Awaaj

Chandigarh Desk :  Punjab and Haryana High Court ਨੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਪ੍ਰੀਸ਼ਦ ਚੋਣਾਂ ਸਬੰਧੀ ਜਾਰੀ ਅੰਤਰਿਮ ਰੋਕ ਨੂੰ ਵਧਾ ਦਿੱਤਾ ਹੈ। ਅਦਾਲਤ ਨੇ ਸਪਸ਼ਟ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਤੱਕ ਚੋਣਾਂ ਲਈ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਵੇਗਾ।

ਇਹ ਮਾਮਲਾ ਸੂਬਾ ਸਰਕਾਰ ਵੱਲੋਂ ਕੀਤੀ ਗਈ ਨਵੀਂ ਵਾਰਡਵੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨਾਲ ਜੁੜਿਆ ਹੈ। ਕਰੀਬ 9 ਨਗਰ ਨਿਗਮਾਂ ਅਤੇ 100 ਤੋਂ ਵੱਧ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ਇਸ ਰੋਕ ਦੇ ਦਾਇਰੇ ਵਿੱਚ ਆਉਂਦੀਆਂ ਹਨ। ਅਦਾਲਤ ਨੇ ਇਹ ਰੋਕ ਮਾਰਚ ਦੇ ਤੀਜੇ ਹਫਤੇ ਤੱਕ ਜਾਰੀ ਰੱਖੀ ਹੈ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਕੇ.ਪੀ. ਸਿਨ੍ਹਾ ਨੇ ਹਲਫਨਾਮਾ ਦਾਖਲ ਕਰਦਿਆਂ ਦੱਸਿਆ ਕਿ ਵਾਰਡ ਸੀਮਾਵਾਂ ਨੂੰ ਫ੍ਰੀਜ਼ ਕਰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ ਗਿਆ ਹੈ। 2027 ਦੀ ਜਨਗਣਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨਿਕ ਸੀਮਾਵਾਂ ਬਾਰੇ ਕੇਂਦਰ ਦੇ ਦੋ ਸੰਚਾਰਾਂ ਵਿੱਚ ਵਿਰੋਧਾਭਾਸ ਹੋਣ ਕਾਰਨ ਮਾਮਲਾ ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ, ਭਾਰਤ ਕੋਲ ਭੇਜਿਆ ਗਿਆ ਹੈ।

ਦੂਜੇ ਪਾਸੇ, ਕੇਂਦਰ ਸਰਕਾਰ ਦੇ ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਪਸ਼ਟੀਕਰਨ ਸਬੰਧੀ ਪੱਤਰ ਦੀ ਪ੍ਰਾਪਤੀ ਨਹੀਂ ਹੋਈ। ਇਸ ਸਥਿਤੀ ਨੂੰ ਦੇਖਦਿਆਂ ਅਦਾਲਤ ਨੇ ਅਗਲੀ ਸੁਣਵਾਈ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਰੋਕ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ।