ਅਧਿਕਾਰੀਆਂ ਨੂੰ ਪੈਂਡਿੰਗ ਪ੍ਰੋਜੈਕਟਾਂ ਨੂੰ ਜਲਦ ਸ਼ੁਰੂ ਕਰਨ ਤੇ ਚੱਲ ਰਹੇ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਜਨਤਕ ਹਿੱਤ ਨਾਲ ਸਬੰਧਤ ਕੰਮਾਂ ‘ਚ ਪਾਰਦਰਸ਼ਤਾ, ਗੁਣਵੱਤਾ ਤੇ ਸਮਾਂਬੱਧਤਾ ਯਕੀਨੀ ਬਣਾਉਣ ‘ਤੇ ਜ਼ੋਰ
ਹੁਸ਼ਿਆਰਪੁਰ, 20 ਫਰਵਰੀ 2026 Aj Di Awaaj
Punjab Desk: ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਲਗਭਗ 151 ਸੜਕਾਂ ‘ਤੇ ਕਰੀਬ 280 ਕਿਲੋਮੀਟਰ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਪੈਂਡਿੰਗ ਪਏ ਕੰਮਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜੋ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕੰਢੀ ਖੇਤਰ ਵਿੱਚ ਜੰਗਲਾਤ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ ਸਥਾਨਕ ਜ਼ਰੂਰਤਾਂ ਵਿਚਕਾਰ ਸੰਤੁਲਨ ਬਣਾਈ ਰੱਖਿਆ ਜਾਵੇ। ਬਿਜਲੀ ਵਿਭਾਗ ਨੂੰ ਵੱਖ-ਵੱਖ ਖੇਤਰਾਂ ਵਿਚ ਟ੍ਰਾਂਸਫਾਰਮਰ ਸਥਾਪਿਤ ਕਰਨ, ਨਵੀਆਂ ਬਿਜਲੀ ਲਾਈਨਾਂ ਵਿਛਾਉਣ ਅਤੇ ਢਿੱਲੀਆਂ ਤਾਰਾਂ ਨੂੰ ਕੱਸਣ ਸਮੇਤ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਕੈਬਨਿਟ ਮੰਤਰੀ ਨੇ ਮਾਰਕੀਟ ਕਮੇਟੀ ਨੂੰ ਮੰਡੀਆਂ ਵਿੱਚ ਫੜਾਂ ਦੀ ਸਮੇਂ ਸਿਰ ਉਸਾਰੀ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਲਈ ਕਿਹਾ। ਉਨ੍ਹਾਂ ਨੇ ਪਿੰਡਾਂ ਵਿੱਚ ਬਣਾਏ ਜਾ ਰਹੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨਿਰਮਾਣ ਕਾਰਜ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਾਏ ਜਾ ਰਹੇ ਖੇਡ ਸਟੇਡੀਅਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦੇ ਹੋਏ ਨੌਜਵਾਨਾਂ ਲਈ ਬਿਹਤਰ ਖੇਡ ਸਹੂਲਤਾਂ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਸਿਹਤ, ਪੇਂਡੂ ਵਿਕਾਸ, ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ, ਭੂਮੀ ਸੰਭਾਲ, ਜਲ ਸਪਲਾਈ, ਜਲ ਸਰੋਤ, ਟਿਊਬਵੈੱਲ ਕਾਰਪੋਰੇਸ਼ਨ, ਸੀਵਰੇਜ ਬੋਰਡ ਅਤੇ ਨਗਰ ਕੌਂਸਲ ਹਰਿਆਣਾ ਅਤੇ ਸ਼ਾਮ ਚੁਰਾਸੀ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂਬੱਧਤਾ ਨੂੰ ਪਹਿਲ ਦੇਣ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ।














