ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣਗੇ

7

ਸਰਦੂਲਗੜ੍ਹ/ਮਾਨਸਾ, 23 ਫਰਵਰੀ 2026 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਸਰਦੂਲਗੜ੍ਹ ਦੇ ਬਲਾਕ ਝੁਨੀਰ ਵਿਖੇ ਬਣਨ ਵਾਲੀ ਨਵੀਂ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 24 ਫਰਵਰੀ ਨੂੰ ਰੱਖਿਆ ਜਾ ਰਿਹਾ ਹੈ।

ਪੰਜਾਬੀ ਯੂਨੀਵਰਸਿਟੀ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿੱਚ ਆਯੋਜਿਤ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀ.ਆਈ.ਜੀ. ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਵਿਸ਼ੇਸ਼ ਤੌਰ ‘ਤੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ।

ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਇਹ ਆਈ.ਟੀ.ਆਈ. ਇਲਾਕੇ ਦੇ ਨੌਜਵਾਨਾਂ ਲਈ ਤਕਨੀਕੀ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗੀ। ਡੀ.ਆਈ.ਜੀ. ਹਰਜੀਤ ਸਿੰਘ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਆਮ ਲੋਕਾਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕਰਨ ਦੇ ਹੁਕਮ ਦਿੱਤੇ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਹੱਥੀਂ ਹੁਨਰ ਸਿਖਾ ਕੇ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ। ਇਹ ਆਈ.ਟੀ.ਆਈ. ਸਰਦੂਲਗੜ੍ਹ ਹਲਕੇ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗੀ।

ਸਮਾਗਮ ਦੌਰਾਨ ਲੋਕਾਂ ਦੀ ਆਮਦ ਅਤੇ ਗੱਡੀਆਂ ਦੀ ਪਾਰਕਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਮ ਜਨਤਾ ਨੂੰ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਾਰਟੀ ਆਗੂ ਵੀ ਮੌਜੂਦ ਸਨ।