ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਵੈਕਸੀਨ

28

ਮਾਨਸਾ 5 ਮਾਰਚ 2026 AJ DI Awaaj

Punjab Desk :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਹਤਿੰਦਰ ਕੌਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਹਸਪਤਾਲ ਮਾਨਸਾ ਵਿਖ਼ੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ  ਦੀ ਅਗਵਾਈ ਵਿੱਚ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ l
ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ ਔਰਤਾਂ ਵਿੱਚ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ ਹੈ ਜਿਸ ਦੀ ਲਾਗ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ 14 ਸਾਲ  ਉਮਰ ਵਰਗ ਦੀਆਂ ਲੜਕੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਇਹ ਟੀਕਾਕਰਨ ਅਤਿ ਜਰੂਰੀ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜੇਕਰ ਸਹੀ ਉਮਰ ਵਿੱਚ ਐਚ.ਪੀ.ਵੀ. ਦਾ ਟੀਕਾਕਰਨ ਕਰਵਾ ਲਿਆ ਜਾਵੇ, ਤਾਂ ਇਸ ਕੈਂਸਰ ਦੇ ਖ਼ਤਰੇ ਨੂੰ ਲਗਭਗ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ।
ਉਨ੍ਹਾਂ ਅਪੀਲ ਕੀਤੀ ਕਿ ਮਾਪੇ ਬਿਨਾਂ ਕਿਸੇ ਡਰ ਜਾਂ ਅਫਵਾਹ ਦੇ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਹ ਵੈਕਸੀਨ  ਜ਼ਿਲ੍ਹਾ ਹਸਪਤਾਲ ਮਾਨਸਾ, ਐਸ.ਡੀ.ਐਚ.ਬੁਢਲਾਡਾ, ਸੀ.ਐਚ.ਸੀ. ਖਿਆਲਾ ਕਲਾਂ, ਸੀ.ਐਚ.ਸੀ. ਭੀਖੀ, ਸੀ.ਐਚ.ਸੀ. ਬਰੇਟਾ, ਪੀ.ਐਚ.ਸੀ. ਨੰਗਲ ਕਲਾਂ, ਪੀ.ਐਚ.ਸੀ. ਬੋਹਾ, ਪੀ.ਐਚ.ਸੀ.ਢੈਪਈ, ਐਸ.ਡੀ.ਐਚ. ਸਰਦੂਲਗੜ੍ਹ, ਪੀ.ਐਚ.ਸੀ. ਕਰੰਡੀ,ਪੀ.ਐਚ.ਸੀ. ਬਹਿਣੀਵਾਲ, ਸੀ.ਐਚ.ਸੀ.ਝੁਨੀਰ ਅਤੇ ਪੀ.ਐਚ.ਸੀ. ਕਰੰਡੀ ਵਿਖੇ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਮੇਲ ਸਿੰਘ, ਬੱਚਿਆਂ ਦੇ ਮਾਹਿਰ ਡਾ. ਪਰਵਿਸ਼, ਔਰਤ ਰੋਗਾਂ ਦੇ ਮਾਹਿਰ ਡਾ. ਜੋਤੀ ਸ਼ਾਰਦਾ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਐਲ.ਐਚ.ਵੀ. ਸੁਸ਼ਮਾ ਰਾਣੀ, ਏ ਐਨ ਐਮ ਮਲਕੀਤ ਕੌਰ, ਸੁਖਪਾਲ ਕੌਰ, ਕੰਵਲਜੀਤ ਕੌਰ, ਆਸ਼ਾ ਬਲਜੀਤ ਕੌਰ ਸੁਖਜਿੰਦਰ ਕੌਰ ਅਤੇ ਮਲਕੀਤ ਕੌਰ ਆਦਿ ਹਾਜ਼ਰ ਸਨ l