ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਬੂਸਟ, 7 ਨਵੇਂ ਮੈਡੀਕਲ ਕਾਲਜ

49
 ਪੰਜਾਬ  06 March 2026 AJ DI Awaaj

Punjab Desk :     ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਮੈਡੀਕਲ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਨਵੀਂ ਦਿਸ਼ਾ ਮਿਲੇਗੀ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਮੈਡੀਕਲ ਕਾਲਜ ਸਰਕਾਰੀ ਹੋਣਗੇ, ਦੋ ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮਾਡਲ ‘ਤੇ ਬਣਾਏ ਜਾਣਗੇ ਅਤੇ ਤਿੰਨ ਨਿੱਜੀ ਅਤੇ ਘੱਟ-ਗਿਣਤੀ ਸੰਗਠਨਾਂ ਦੇ ਸਹਿਯੋਗ ਨਾਲ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ 2026 ਤੋਂ ਸ਼ੁਰੂ ਹੋਵੇਗੀ। ਲਗਭਗ 24 ਮਹੀਨਿਆਂ ਵਿੱਚ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਮਾਰਚ 2028 ਤੱਕ ਇਸਦੀ ਉਸਾਰੀ ਮੁਕੰਮਲ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਲਈ ਕਰੀਬ 274.75 ਕਰੋੜ ਰੁਪਏ ਦੀ ਮਨਜ਼ੂਰੀ ਮਿਲ ਚੁੱਕੀ ਹੈ।

ਇਸ ਇੰਸਟੀਚਿਊਟ ਵਿੱਚ 300 ਬਿਸਤਰਿਆਂ ਵਾਲਾ ਆਧੁਨਿਕ ਹਸਪਤਾਲ ਅਤੇ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿੱਥੇ ਹਰ ਸਾਲ ਐਮਬੀਬੀਐਸ ਦੀਆਂ 100 ਸੀਟਾਂ ਉਪਲਬਧ ਹੋਣਗੀਆਂ। ਇਸ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਦੇ ਨਾਲ-ਨਾਲ ਮੈਡੀਕਲ ਸਿੱਖਿਆ ਦੇ ਮੌਕੇ ਵੀ ਵਧਣਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਇਸ ਪ੍ਰਾਜੈਕਟ ਦੀ ਲਾਗਤ ਲਗਭਗ 550 ਕਰੋੜ ਰੁਪਏ ਅੰਦਾਜ਼ੀ ਲਗਾਈ ਗਈ ਸੀ, ਪਰ ਸਰਕਾਰ ਵੱਲੋਂ ਕੀਤੀ ਗਈ ਸਮੀਖਿਆ ਤੋਂ ਬਾਅਦ ਇਸਨੂੰ ਘਟਾ ਕੇ ਕਰੀਬ 274 ਕਰੋੜ ਰੁਪਏ ਕਰ ਦਿੱਤਾ ਗਿਆ। ਇਸ ਨਾਲ ਲਗਭਗ 250 ਕਰੋੜ ਰੁਪਏ ਦੀ ਬਚਤ ਹੋਈ ਹੈ, ਜਿਸਨੂੰ ਹੋਰ ਵਿਕਾਸੀ ਕੰਮਾਂ ਲਈ ਵਰਤਿਆ ਜਾਵੇਗਾ।

ਹੁਸ਼ਿਆਰਪੁਰ ਤੋਂ ਇਲਾਵਾ ਕਪੂਰਥਲਾ ਵਿੱਚ ਵੀ ਇੱਕ ਹੋਰ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਉਸਾਰੀ ਦਾ ਕੰਮ ਸ਼ੁਰੂ ਹੋਣ ਦੀ ਉਮੀਦ ਹੈ। ਇਸਦੇ ਨਾਲ ਹੀ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਪੀਪੀਪੀ ਮੋਡ ‘ਤੇ ਮੈਡੀਕਲ ਕਾਲਜ ਬਣਾਉਣ ਦੀ ਯੋਜਨਾ ਹੈ, ਜਿਨ੍ਹਾਂ ਲਈ ਟੈਂਡਰ ਪ੍ਰਕਿਰਿਆ ਜਾਰੀ ਹੈ।

ਸੂਬੇ ਵਿੱਚ ਤਿੰਨ ਹੋਰ ਮੈਡੀਕਲ ਕਾਲਜ ਨਿੱਜੀ ਅਤੇ ਘੱਟ-ਗਿਣਤੀ ਸੰਗਠਨਾਂ ਦੇ ਸਹਿਯੋਗ ਨਾਲ ਬਣਾਏ ਜਾਣਗੇ। ਲਹਿਰਾਗਾਗਾ ਵਿੱਚ ਜੈਨ ਸਮਾਜ ਵੱਲੋਂ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਦਕਿ ਮਲੇਰਕੋਟਲਾ ਵਿੱਚ ਮੁਸਲਿਮ ਸਮਾਜ ਦੇ ਸਹਿਯੋਗ ਨਾਲ ਕਾਲਜ ਬਣਾਉਣ ਲਈ ਡੀਪੀਆਰ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ ਨੇੜੇ ਵੀ ਇੱਕ ਨਿੱਜੀ ਮੈਡੀਕਲ ਕਾਲਜ ਦੀ ਉਸਾਰੀ ਜਾਰੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ 13 ਮੈਡੀਕਲ ਕਾਲਜ ਹਨ, ਜਿਨ੍ਹਾਂ ਵਿੱਚ ਕਰੀਬ 1900 ਐਮਬੀਬੀਐਸ ਸੀਟਾਂ ਹਨ। ਨਵੇਂ ਕਾਲਜ ਬਣਨ ਨਾਲ ਲਗਭਗ 600 ਹੋਰ ਸੀਟਾਂ ਵਧਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੌਜੂਦਾ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਕੇ ਉਨ੍ਹਾਂ ਨੂੰ ਪੋਸਟ ਗ੍ਰੈਜੂਏਟ ਇੰਸਟੀਚਿਊਟ ਦੇ ਪੱਧਰ ‘ਤੇ ਲਿਆਂਦਾ ਜਾਵੇਗਾ, ਤਾਂ ਜੋ ਉੱਥੇ ਸੁਪਰ-ਸਪੈਸ਼ਲਿਟੀ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਸਕਣ।

ਸਰਕਾਰ ਦਾ ਮੰਨਣਾ ਹੈ ਕਿ ਇਹ ਨਵੇਂ ਮੈਡੀਕਲ ਕਾਲਜ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਮੈਡੀਕਲ ਸਿੱਖਿਆ ਦੇ ਵਧੀਆ ਮੌਕੇ ਪ੍ਰਦਾਨ ਕਰਨਗੇ। ਇਸ ਨਾਲ ਉਹ ਵਿਦਿਆਰਥੀ ਵੀ ਲਾਭਾਨਵਿਤ ਹੋਣਗੇ ਜੋ ਹੁਣ ਤੱਕ ਮੈਡੀਕਲ ਦੀ ਪੜ੍ਹਾਈ ਲਈ ਵਿਦੇਸ਼ਾਂ ਦਾ ਰੁਖ ਕਰਦੇ ਸਨ।