ਪੰਜਾਬ ਸਮੇਤ ਕਈ ਰਾਜਾਂ ਵਿੱਚ ਮੀਂਹ ਤੇ ਤੂਫ਼ਾਨ ਦਾ ਅਲਰਟ

3

India 12 Mar 2026 AJ DI Awaaj

National Desk :   ਮੌਸਮ ਵਿਭਾਗ ਨੇ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੌਸਮ ਖਰਾਬ ਹੋਣ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ ਦੌਰਾਨ ਕਈ ਖੇਤਰਾਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਭਵਿੱਖਬਾਣੀ ਅਨੁਸਾਰ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ 12 ਤੋਂ 16 ਮਾਰਚ ਦੇ ਵਿਚਕਾਰ ਬਾਰਿਸ਼ ਅਤੇ ਗਰਜ-ਤੂਫ਼ਾਨ ਹੋ ਸਕਦਾ ਹੈ। ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਉੱਤਰ-ਪੂਰਬੀ ਰਾਜਾਂ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬੰਗਾਲ ਦੀ ਖਾੜੀ, ਅਸਾਮ, ਬੰਗਲਾਦੇਸ਼ ਅਤੇ ਪਾਕਿਸਤਾਨ ਵੱਲ ਬਣ ਰਹੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਮੌਸਮ ਵਿੱਚ ਇਹ ਤਬਦੀਲੀਆਂ ਆ ਰਹੀਆਂ ਹਨ।

ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ 16 ਮਾਰਚ ਤੱਕ ਰੁਕ-ਰੁਕ ਕੇ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਕੁਝ ਇਲਾਕਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਇਸ ਮੌਸਮੀ ਬਦਲਾਅ ਕਾਰਨ ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਖੇਤਰ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਚਾਰ ਦਿਨਾਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।