ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨੂਰਪੁਰ ਬੇਦੀ ਕਮਿਊਨਿਟੀ ਸੈਂਟਰ ਵਿੱਚ ਕੈਂਪ

17
ਨੂਰਪੁਰ ਬੇਦੀ 13 ਮਾਰਚ 2026 AJ DI Awaaj
Punjab Desk :  ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਨੂਰਪੁਰ ਬੇਦੀ ਦੇ ਕਮਿਊਨਿਟੀ ਸੈਂਟਰ ਵਿੱਚ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਅਤੇ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕਰਨਾ ਸੀ।
ਇਹ ਕੈਂਪ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਇਆ ਗਿਆ। ਕੈਂਪ ਦੌਰਾਨ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਯੋਜਨਾ ਦੇ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।
ਕੈਂਪ ਵਿੱਚ ਨੇੜਲੇ ਇਲਾਕਿਆਂ ਤੋਂ ਆਏ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਬੀਮਾ ਕਾਰਡ ਬਣਵਾਉਣ ਲਈ ਉਤਸ਼ਾਹ ਦਿਖਾਇਆ। ਲੋਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਬਹੁਤ ਸਹੂਲਤ ਮਿਲਦੀ ਹੈ ਕਿਉਂਕਿ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ। ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਕਈ ਲੋਕਾਂ ਦੇ ਮੌਕੇ ‘ਤੇ ਹੀ ਸਿਹਤ ਬੀਮਾ ਕਾਰਡ ਬਣਾਏ ਗਏ। ਇਸ ਦੌਰਾਨ ਪਿੰਡ ਵਾਸੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਅਜਿਹੀਆਂ ਯੋਜਨਾਵਾਂ ਨਾਲ ਸਮਾਜ ਦੇ ਹਰ ਵਰਗ ਨੂੰ ਫਾਇਦਾ ਮਿਲ ਰਿਹਾ ਹੈ।