ਰਾਸ਼ਨ ਕਾਰਡ ਬਾਰੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

15

Punjab 16 Mar 2026 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ਨਾਲ ਸੰਬੰਧਿਤ ਨਿਯਮਾਂ ਵਿੱਚ ਵੱਡੀ ਢਿੱਲ ਦਿੱਤੀ ਗਈ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। ਨਵੇਂ ਫੈਸਲੇ ਅਨੁਸਾਰ ਕਈ ਪੁਰਾਣੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ ਤਾਂ ਜੋ ਹੋਰ ਜ਼ਿਆਦਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਣ।

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਰਾਸ਼ਨ ਕਾਰਡ ਲਈ ਸਲਾਨਾ ਆਮਦਨ ਦੀ ਸੀਮਾ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਹੱਦ 1.80 ਲੱਖ ਰੁਪਏ ਸਲਾਨਾ ਸੀ, ਜਿਸਨੂੰ ਹੁਣ ਵਧਾ ਕੇ 8 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸ ਤਬਦੀਲੀ ਨਾਲ ਉਹ ਪਰਿਵਾਰ ਵੀ ਯੋਜਨਾ ਦੇ ਦਾਇਰੇ ਵਿੱਚ ਆ ਸਕਣਗੇ ਜਿਨ੍ਹਾਂ ਦੀ ਆਮਦਨ ਪਹਿਲਾਂ ਦੀ ਸੀਮਾ ਤੋਂ ਵੱਧ ਸੀ।

ਇਸਦੇ ਨਾਲ ਹੀ ਜ਼ਮੀਨ ਸੰਬੰਧੀ ਨਿਯਮਾਂ ਵਿੱਚ ਵੀ ਵੱਡੀ ਰਾਹਤ ਦਿੱਤੀ ਗਈ ਹੈ। ਪਹਿਲਾਂ 2.5 ਏਕੜ ਉਪਜਾਊ ਅਤੇ 5 ਏਕੜ ਬਰਾਨੀ ਜ਼ਮੀਨ ਦੀ ਹੱਦ ਨਿਰਧਾਰਤ ਸੀ, ਜਿਸ ਕਰਕੇ ਕਈ ਪਰਿਵਾਰ ਯੋਜਨਾ ਤੋਂ ਬਾਹਰ ਰਹਿ ਜਾਂਦੇ ਸਨ। ਹੁਣ ਇਹ ਸ਼ਰਤ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ।

ਸ਼ਹਿਰੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਲਈ ਵੀ ਇਹ ਖੁਸ਼ਖਬਰੀ ਹੈ। ਪਹਿਲਾਂ 100 ਗਜ਼ ਦੇ ਮਕਾਨ ਵਾਲੇ ਪਰਿਵਾਰਾਂ ਨੂੰ ਇਸ ਯੋਜਨਾ ਲਈ ਯੋਗ ਨਹੀਂ ਮੰਨਿਆ ਜਾਂਦਾ ਸੀ, ਪਰ ਹੁਣ ਇਹ ਪਾਬੰਦੀ ਵੀ ਹਟਾ ਦਿੱਤੀ ਗਈ ਹੈ। ਇਸ ਨਾਲ ਸ਼ਹਿਰਾਂ ਵਿੱਚ ਰਹਿਣ ਵਾਲੇ ਕਈ ਹੋਰ ਪਰਿਵਾਰਾਂ ਲਈ ਵੀ ਰਾਸ਼ਨ ਕਾਰਡ ਬਣਵਾਉਣ ਦਾ ਰਸਤਾ ਖੁੱਲ੍ਹ ਗਿਆ ਹੈ।

ਨਵੇਂ ਨਿਯਮਾਂ ਅਨੁਸਾਰ ਹੁਣ ਚਾਰ ਪਹੀਆ ਵਾਹਨ ਰੱਖਣ ਵਾਲੇ ਲੋਕ ਵੀ ਰਾਸ਼ਨ ਯੋਜਨਾ ਦਾ ਲਾਭ ਲੈ ਸਕਣਗੇ। ਇਸਦੇ ਨਾਲ ਹੀ ਘਰ ਵਿੱਚ ਏਸੀ ਹੋਣ ਦੇ ਬਾਵਜੂਦ ਵੀ ਲੋਕਾਂ ਨੂੰ ਰਾਸ਼ਨ ਮਿਲ ਸਕੇਗਾ। ਹਾਲਾਂਕਿ ਸਰਕਾਰੀ ਕਰਮਚਾਰੀਆਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ।

ਮੌਜੂਦਾ ਸਮੇਂ ਪੰਜਾਬ ਵਿੱਚ ਲਗਭਗ 47.5 ਲੱਖ ਲੋਕ ਰਾਸ਼ਨ ਯੋਜਨਾ ਦਾ ਲਾਭ ਲੈ ਰਹੇ ਹਨ। ਨਵੇਂ ਫੈਸਲੇ ਤੋਂ ਬਾਅਦ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਲਾਭਪਾਤਰੀਆਂ ਦੀ ਗਿਣਤੀ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਸਰਕਾਰੀ ਅਧਿਕਾਰੀਆਂ ਮੁਤਾਬਕ ਇਹ ਫੈਸਲਾ ਉਹਨਾਂ ਪਰਿਵਾਰਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਜੋ ਆਰਥਿਕ ਤੌਰ ‘ਤੇ ਪੂਰੀ ਤਰ੍ਹਾਂ ਮਜ਼ਬੂਤ ਨਹੀਂ ਹਨ ਪਰ ਪੁਰਾਣੀਆਂ ਸ਼ਰਤਾਂ ਕਰਕੇ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਸਨ।