ਗਗਨਦੀਪ ਰੰਧਾਵਾ ਕੇਸ: ਮਾਤਾ HC ਪਹੁੰਚੀ, ਪੋਸਟਮਾਰਟਮ ਬਾਹਰ ਕਰਨ ਦੀ ਮੰਗ

13

Punjab 24 Mar 2026 AJ DI Awaaj

Punjab Desk :  ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਵੱਡਾ ਮੋੜ ਸਾਹਮਣੇ ਆਇਆ ਹੈ। ਮ੍ਰਿ*ਤਕ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪੋਸਟਮਾਰਟਮ ਪੰਜਾਬ ਤੋਂ ਬਾਹਰ ਕਿਸੇ ਸੰਸਥਾ—ਚੰਡੀਗੜ੍ਹ ਪੀਜੀਆਈ, ਰੋਹਤਕ ਪੀਜੀਆਈ ਜਾਂ ਏਮਜ਼ ਬਠਿੰਡਾ—ਵਿੱਚ ਸੁਤੰਤਰ ਡਾਕਟਰਾਂ ਦੇ ਪੈਨਲ ਹੇਠ ਕਰਵਾਇਆ ਜਾਵੇ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹੋਣੀ ਹੈ।

ਇਸ ਕੇਸ ਵਿੱਚ ਪਹਿਲਾਂ ਹੀ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਮਾਮਲਾ ਗੰਭੀਰ ਹੋ ਚੁੱਕਾ ਹੈ। ਇਸ ਦੌਰਾਨ ਮ੍ਰਿ*ਤਕ ਦੀ ਪਤਨੀ ਉਪਿੰਦਰ ਕੌਰ ਨੇ ਵੀ ਕੇਂਦਰੀ ਜਾਂਚ ਏਜੰਸੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੋਸਟਮਾਰਟਮ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਅਤੇ ਪੀਜੀਆਈ ਦੇ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾਣਾ ਚਾਹੀਦਾ ਹੈ।

ਉਪਿੰਦਰ ਕੌਰ ਮੁਤਾਬਕ ਕੇਸ ਦੇ ਕਈ ਅਹਿਮ ਦੋਸ਼ੀ ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋਏ, ਜਿਸ ਨਾਲ ਸੱਚ ਸਾਹਮਣੇ ਆਉਣ ਵਿੱਚ ਰੁਕਾਵਟ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਕੋਲ ਮੌਜੂਦ ਸਾਰੇ ਸਬੂਤ ਜਾਂਚ ਏਜੰਸੀ ਨੂੰ ਸੌਂਪੇ ਜਾਣਗੇ।

ਇਸ ਮਾਮਲੇ ਨਾਲ ਜੁੜੇ ਰਾਜਨੀਤਿਕ ਪੱਖ ਵੀ ਗਰਮਾਏ ਹੋਏ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਵੀ ਸਵੀਕਾਰ ਕਰ ਲਿਆ ਗਿਆ ਹੈ, ਜੋ ਉਨ੍ਹਾਂ ਨੇ 21 ਮਾਰਚ ਨੂੰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਇਹ ਮਾਮਲਾ 21 ਮਾਰਚ 2026 ਨੂੰ ਸਾਹਮਣੇ ਆਇਆ ਸੀ, ਜਦੋਂ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਵੱਡਾ ਵਿਵਾਦ ਖੜਾ ਹੋ ਗਿਆ ਸੀ। ਇਸ ਕੇਸ ਨੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਚਰਚਾ ਤੇਜ਼ ਕਰ ਦਿੱਤੀ ਹੈ।