ਮਾਨਸਾ ਵਿੱਚ ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ

48
ਮਾਨਸਾ, 27 ਮਾਰਚ 2026 AJ DI Awaaj

Punjab Desk :  ਜ਼ਿਲ੍ਹਾ ਮਾਨਸਾ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਬਾਰੇ ਫੈਲ ਰਹੀਆਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦਸਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਦੇ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਲੋੜੀਂਦੀ ਮਾਤਰਾ ਉਪਲਬਧ ਹੈ ਅਤੇ ਪੈਟਰੋਲੀਅਮ ਪਦਾਰਥਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਹਟ ਵਿੱਚ ਆ ਕੇ ਤੇਲ ਦਾ ਬੇਵਜ੍ਹਾ ਭੰਡਾਰਨ ਨਾ ਕਰਨ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਥਾਵਾਂ ‘ਤੇ ਲੋਕ ਵੱਡੇ-ਵੱਡੇ ਡਰੰਮਾਂ ਵਿੱਚ ਡੀਜ਼ਲ ਭਰਵਾ ਕੇ ਘਰਾਂ ਜਾਂ ਵਪਾਰਕ ਅਦਾਰਿਆਂ ਵਿੱਚ ਜਮ੍ਹਾਂ ਕਰ ਰਹੇ ਹਨ ਜੋ ਕਿ ਚਿੰਤਾਜਨਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਘਰਾਂ ਜਾਂ ਵਪਾਰਕ ਅਦਾਰਿਆਂ ਵਿੱਚ ਵੱਡੀ ਮਾਤਰਾ ਵਿੱਚ ਪੈਟਰੋਲੀਅਮ ਪਦਾਰਥ ਰੱਖਣਾ, ਅੱਗ ਲੱਗਣ ਵਰਗੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਨਾ ਸਿਰਫ਼ ਖ਼ਤਰਨਾਕ ਹੈ ਸਗੋਂ ਨਿਯਮਾਂ ਦੇ ਵਿਰੁੱਧ ਵੀ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ  ਕਿ ਜ਼ਿਲ੍ਹਾ ਪ੍ਰਸ਼ਾਸਨ ਤੇਲ ਕੰਪਨੀਆਂ ਦੇ ਨਿਰੰਤਰ ਸੰਪਰਕ ਵਿੱਚ ਹੈ ਅਤੇ ਲੋਕ ਹਿਤ ਵਿੱਚ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਮੇਂ-ਸਮੇਂ ‘ਤੇ ਤੇਲ ਕੰਪਨੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜ਼ਿਲ੍ਹੇ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਚੇਨ ਪੂਰੀ ਤਰ੍ਹਾਂ ਸਹੀ ਹੈ ਅਤੇ ਕਿਤੇ ਵੀ ਕੋਈ ਕਮੀ ਨਹੀਂ ਹੈ।

ਡੀਸੀ ਨਵਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ਜਾਂ ਗ਼ਲਤ ਖ਼ਬਰਾਂ ਦੇ ਪ੍ਰਭਾਵ ਹੇਠ ਆ ਕੇ ਪੰਪਾਂ ‘ਤੇ ਭੀੜ ਨਾ ਲਗਾਈ ਜਾਵੇ ਅਤੇ ਸਿਰਫ਼ ਆਪਣੀ ਰੋਜ਼ਾਨਾ ਲੋੜ ਮੁਤਾਬਕ ਹੀ ਵਾਹਨਾਂ ਵਿੱਚ ਤੇਲ ਪਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਪਾਂ ‘ਤੇ ਲੰਬੀਆਂ ਲਾਈਨਾਂ ਲਗਾਉਣ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਇਸ ਲਈ ਅਜਿਹੀ ਕਾਰਵਾਈ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।