ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

28

ਹੁਸ਼ਿਆਰਪੁਰ, 1 ਅਪ੍ਰੈਲ 2026 AJ DI Awaaj

Punjab Desk : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163  ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

ਜਾਰੀ ਹੁਕਮਾਂ ਅਨੁਸਾਰ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਅਤੇ  ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੀ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਅਜਿਹੀ ਕਣਕ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ ਜਿਸ ਕਰਕੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂਹੰਦ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਸਾਫ-ਸੁਥਰਾ ਵਾਤਾਵਰਣ ਦੂਸ਼ਿਤ ਹੁੰਦਾ ਹੈ।