ਸਿਹਤ ਵਿਭਾਗ ਵਿੱਚ ਆਸ਼ਾ ਵਰਕਰਾਂ ਦਾ ਯੋਗਦਾਨ ਸ਼ਲਾਘਾਯੋਗ

41
ਰੂਪਨਗਰ, 28 ਅਪ੍ਰੈਲ 2026 AJ DI Awaaj
Punjab Desk : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਰੂਪਨਗਰ ਵਿਖੇ ‘ਆਸ਼ਾ ਦਿਵਸ’ ਮਨਾਇਆ ਗਿਆ।
ਇਸ ਮੌਕੇ ਸ਼ਹਿਰੀ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਬਿਹਤਰੀਨ ਆਸ਼ਾ ਵਰਕਰਾਂ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਡਾ. ਰਮਨ ਕੁਮਾਰ ਗੁਪਤਾ ਵੱਲੋਂ ਆਸ਼ਾ ਵਰਕਰਾਂ ਨੂੰ ‘ਆਸ਼ਾ ਦਿਵਸ’ ਦੀ ਵਧਾਈ ਦਿੰਦਿਆਂ ਕਿਹਾ ਗਿਆ ਕਿ ਆਸ਼ਾ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਮਹੱਤਵਪੂਰਨ ਸੇਵਾਵਾਂ ਨਿਭਾਅ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ, ਮਾਵਾਂ ਦੀ ਮੌਤ ਦਰ ਨੂੰ ਘੱਟ ਕਰਨ, ਜੱਚਾ-ਬੱਚਾ ਦਾ ਟੀਕਾਕਰਨ ਅਤੇ ਸੰਸਥਾਗਤ ਜਣੇਪੇ ਨੂੰ ਯਕੀਨੀ ਬਣਾਉਣ ਵਿੱਚ ਆਸ਼ਾ ਵਰਕਰਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਰਜਿਸਟਰੇਸ਼ਨ ਵਿੱਚ ਆਸ਼ਾ ਵੱਲੋਂ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਐੱਸਐੱਮਓ ਸਿਵਲ ਹਸਪਤਾਲ ਡਾ. ਰੁਪਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਹਾਈ-ਰਿਸਕ ਗਰਭਵਤੀ ਮਹਿਲਾਵਾਂ ਦੀ ਪਛਾਣ ਕਰਨ ਅਤੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਚੈੱਕਅਪ ਯਕੀਨੀ ਬਣਾਉਣ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਕਾਬਿਲ-ਏ-ਤਾਰੀਫ਼ ਹੈ।
ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੀਆਂ ਹਨ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਹੀ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚ ਰਹੀਆਂ ਹਨ।
ਇਸ ਮੌਕੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਨਵਰੂਪ ਕੌਰ, ਡਾ. ਹਰਲੀਨ ਕੌਰ, ਡਾ. ਨੀਰਜ, ਡਾ. ਗੁਰਸੇਵਕ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ ਅਤੇ ਐੱਲਐਚਵੀ ਰਾਜਿੰਦਰ ਕੌਰ ਵੀ ਮੌਜੂਦ ਸਨ।