ਕੀਰਤਪੁਰ ਸਾਹਿਬ 05 ਮਈ 2026 AJ DI Awaaj
Punjab Desk : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 10 ਤੋਂ 19 ਸਾਲ ਦੀਆਂ ਕਿਸ਼ੋਰੀਆਂ ਵਿੱਚ ਅਨੀਮੀਆ (ਖੂਨ ਦੀ ਕਮੀ) ਦੀ ਪਛਾਣ ਅਤੇ ਇਲਾਜ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੀਐਚਸੀ ਕੀਰਤਪੁਰ ਸਾਹਿਬ ਦੇ ਅਧੀਨ ਵੱਖ-ਵੱਖ ਸਿਹਤ ਟੀਮਾਂ ਬਣਾਕੇ ਸਕੂਲਾਂ ਅਤੇ ਪਿੰਡਾਂ ਵਿੱਚ ਜਾ ਕੇ ਕਿਸ਼ੋਰੀਆਂ ਦੇ ਖੂਨ ਦੇ ਟੈਸਟ ਕੀਤੇ ਜਾ ਰਹੇ ਹਨ। ਇਹ ਮੁਹਿੰਮ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਹੈ, ਜਿਸਦਾ ਮਕਸਦ ਨੌਜਵਾਨ ਲੜਕੀਆਂ ਦੀ ਸਿਹਤ ਵਿੱਚ ਸੁਧਾਰ ਲਿਆਉਣਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਹਰ ਉਸ ਲੜਕੀ ਦਾ ਟੈਸਟ ਕੀਤਾ ਜਾ ਰਿਹਾ ਹੈ ਜੋ 10-19 ਸਾਲ ਦੀ ਉਮਰ ਵਿੱਚ ਹੈ, ਭਾਵੇਂ ਉਹ ਸਕੂਲ ਜਾਂਦੀ ਹੋਵੇ ਜਾਂ ਘਰ ਵਿੱਚ ਰਹਿੰਦੀ ਹੋਵੇ। ਉਹਨਾਂ ਕਿਹਾ ਕਿ ਜਿਨ੍ਹਾਂ ਲੜਕੀਆਂ ਵਿੱਚ ਖੂਨ ਦੀ ਕਮੀ ਪਾਈ ਜਾਂਦੀ ਹੈ, ਉਹਨਾਂ ਨੂੰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀ ਦਵਾਈ ਅਤੇ ਪੋਸ਼ਣ ਸੰਬੰਧੀ ਸਲਾਹ ਦਿੱਤੀ ਜਾਂਦੀ ਹੈ, ਤਾਂ ਜੋ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਸਕੇ।
ਡਾ. ਸੁਰਜੀਤ ਸਿੰਘ ਨੇ ਹੋਰ ਦੱਸਿਆ ਕਿ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਅਰੋਗਿਆ ਕੇਂਦਰਾਂ ‘ਤੇ ਟੀਮਾਂ ਬਣਾਈਆਂ ਗਈਆਂ ਹਨ, ਜੋ ਨਿਯਮਿਤ ਤੌਰ ‘ਤੇ ਸਕੂਲਾਂ ਵਿੱਚ ਜਾ ਕੇ ਅਨੀਮੀਆ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਨਾਲ ਆਰ.ਬੀ.ਐਸ.ਕੇ. (ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ) ਦੀਆਂ ਟੀਮਾਂ ਵੀ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇ ਰਹੀਆਂ ਹਨ। ਡਾ. ਅੰਬਿਕਾ ਅਤੇ ਡਾ. ਪਰਸ਼ੋਤਮ ਦੀ ਅਗਵਾਈ ਹੇਠ ਇਹ ਟੀਮਾਂ ਬੜੀ ਜ਼ਿੰਮੇਵਾਰੀ ਨਾਲ ਆਪਣਾ ਫਰਜ਼ ਨਿਭਾ ਰਹੀਆਂ ਹਨ।
ਇਸ ਮੌਕੇ ਬਲਾਕ ਐਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਮੁਹਿੰਮ ਦੀ ਸਫਲਤਾ ਲਈ ਫੀਲਡ ਵਿੱਚ ਜਾਗਰੂਕਤਾ ਵੀ ਵਧਾਈ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਪਿਆਂ ਅਤੇ ਕਿਸ਼ੋਰੀਆਂ ਨੂੰ ਅਨੀਮੀਆ ਦੇ ਨੁਕਸਾਨ ਅਤੇ ਉਸ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀਆਂ ਲਿਸਟਾਂ ਤਿਆਰ ਕਰਕੇ ਸਕੂਲ-ਵਾਰ ਮਾਇਕ੍ਰੋ ਪਲਾਨ ਤਿਆਰ ਕੀਤਾ ਗਿਆ ਹੈ, ਤਾਂ ਜੋ ਕੋਈ ਵੀ ਲੜਕੀ ਟੈਸਟ ਤੋਂ ਵਾਂਝੀ ਨਾ ਰਹਿ ਜਾਵੇ। ਇਹ ਮੁਹਿੰਮ ਨੌਜਵਾਨ ਪੀੜ੍ਹੀ ਦੀ ਸਿਹਤ ਸੁਧਾਰ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।














