Punjab Vigilance Bureau ਨੇ ਦੋ ਐਸਡੀਓ ਅਤੇ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

26

ਲੁਧਿਆਣਾ 16 May 2026 AJ DI Awaaj

Punjab Desk : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼*ਟਾਚਾਰ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੀਐਸਪੀਸੀਐਲ ਦਫ਼ਤਰ ਲੁਧਿਆਣਾ ਵਿੱਚ ਤਾਇਨਾਤ ਦੋ ਐਸ.ਡੀ.ਓਜ਼ ਅਤੇ ਇੱਕ ਕਲਰਕ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪ੍ਰਿੰਸ ਨਿਝਾਵਨ ਨਾਮਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ ਅਤੇ ਉਸ ਨੇ ਦੋ ਵੱਖ-ਵੱਖ ਥਾਵਾਂ ‘ਤੇ ਸੋਲਰ ਸਿਸਟਮ ਲਗਾਏ ਸਨ। ਇਨ੍ਹਾਂ ਸਿਸਟਮਾਂ ਦੀ ਜਾਂਚ ਅਤੇ ਮੀਟਰ ਲਗਾਉਣ ਲਈ ਪੀਐਸਪੀਸੀਐਲ ਵੱਲੋਂ ਨਿਰੀਖਣ ਲਾਜ਼ਮੀ ਸੀ।

ਦੋਸ਼ ਹੈ ਕਿ ਉਕਤ ਮੁਲਜ਼ਮਾਂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਦੇ ਬਦਲੇ ਹਰ ਫਾਈਲ ਲਈ 10 ਹਜ਼ਾਰ ਰੁਪਏ, ਯਾਨੀ ਦੋ ਫਾਈਲਾਂ ਲਈ ਕੁੱਲ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਮਾਮਲੇ ਵਿੱਚ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼*ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।