ਰਿਹਰਸਲ ਦੌਰਾਨ ਗੈਰ ਹਾਜ਼ਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨੋਟਿਸ

24

ਮਾਨਸਾ, 18 ਮਈ 2026 AJ DI Awaaj

Punjab Desk :  ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।

ਬੀਤੀ 17 ਮਈ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਰਹੇ ਸਨ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ 5 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ, ਸਬੰਧਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਦੂਜੀ ਰਿਹਰਸਲ ਦੌਰਾਨ ਵੀ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਨਿਯਮ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਵਿੱਚ ਸ਼ਾਮਿਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ।

ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।