ਪੰਜਾਬ 21 May 2026 AJ DI Awaaj
Punjab Desk : ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਾਲ 2024-25 ਦੇ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ (PGI) 2.0 ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਵੱਡੀ ਪ੍ਰਾਪਤੀ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ।
ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਛੇ ਵੱਖ-ਵੱਖ ਖੇਤਰਾਂ ਵਿੱਚ ਕੀਤਾ ਗਿਆ। ਇਨ੍ਹਾਂ ਵਿੱਚ ਸਕੂਲਾਂ ਦੇ ਨਤੀਜੇ, ਸਿੱਖਿਆ ਦੀ ਗੁਣਵੱਤਾ, ਬੁਨਿਆਦੀ ਢਾਂਚਾ, ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਤੇ ਸਿਖਲਾਈ ਸ਼ਾਮਲ ਹਨ।
ਪੰਜਾਬ ਨੇ ‘ਪ੍ਰਚੇਸ਼ਟਾ-ਗ੍ਰੇਡ 1’ ਹਾਸਲ ਕੀਤਾ, ਜੋ 51 ਤੋਂ 60 ਫੀਸਦੀ ਦਰਮਿਆਨ ਸਕੋਰ ਵਾਲੇ ਸੂਬਿਆਂ ਨੂੰ ਦਿੱਤਾ ਜਾਂਦਾ ਹੈ। ਇਸ ਸ਼੍ਰੇਣੀ ਵਿੱਚ ਪੰਜਾਬ ਦੇ ਨਾਲ ਕੇਵਲ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਹੀ ਸ਼ਾਮਲ ਰਿਹਾ। ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਵਰਗੇ ਸੂਬਿਆਂ ਨੂੰ ਵੀ ਪਿੱਛੇ ਛੱਡ ਦਿੱਤਾ, ਜਿਨ੍ਹਾਂ ਨੂੰ ‘ਪ੍ਰਚੇਸ਼ਟਾ-ਗ੍ਰੇਡ 2’ ਵਿੱਚ ਰੱਖਿਆ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਭਾਸ਼ਾ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਮੁਹਾਰਤ ਦੇ ਆਧਾਰ ’ਤੇ ਇਹ ਮੁਲਾਂਕਣ ਕੀਤਾ ਜਾਂਦਾ ਹੈ, ਜੋ ਸਿੱਖਿਆ ਦੀ ਗੁਣਵੱਤਾ ਮਾਪਣ ਦਾ ਇੱਕ ਮਹੱਤਵਪੂਰਨ ਮਾਪਦੰਡ ਮੰਨਿਆ ਜਾਂਦਾ ਹੈ।














