ਬਰਨਾਲਾ, 23 ਮਈ 2026 AJ DI Awaaj
Punjab Desk : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ 26 ਮਈ 2026 ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ।
ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਵਰਤੋਂ ਕਰਦਿਆਂ, ਚੋਣਾਂ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਿਸ਼ੇਸ਼ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹਨਾਂ ਹੁਕਮਾਂ ਤਹਿਤ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕ ਵੱਲੋਂ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ‘ਤੇ ਪ੍ਰਚਾਰ, ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕਰਨ ‘ਤੇ ਮੁਕੰਮਲ ਮਨਾਹੀ ਹੈ। ਇਸ ਦੇ ਨਾਲ ਹੀ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਕੋਰਡਲੈਸ ਫੋਨ, ਵਾਇਰਲੈਸ ਸੈੱਟ, ਲਾਊਡਸਪੀਕਰ ਜਾਂ ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ, ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ, ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੇ ਪ੍ਰਚਾਰ ਸਬੰਧੀ ਪੋਸਟਰ ਜਾਂ ਬੈਨਰ ਲਗਾਉਣ ਦੀ ਮਨਾਹੀ ਕੀਤੀ ਗਈ ਹੈ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਆਜ਼ਾਦ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾ ਸਕੇਗਾ। ਇਸੇ ਘੇਰੇ ਅੰਦਰ ਅਣ-ਅਧਿਕਾਰਤ ਵਿਅਕਤੀਆਂ ਦੁਆਰਾ ਪ੍ਰਾਈਵੇਟ ਵਾਹਨ ਲਿਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ, ਸਿਰਫ਼ ਚੋਣ ਕਮਿਸ਼ਨ ਜਾਂ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਹੀ ਵਾਹਨ ਲਿਜਾ ਸਕਣਗੇ।













