26 May 2026 Aj Di Awaaj
Chandigarh Desk: ਚੰਡੀਗੜ੍ਹ ਦੇ ਬੁੜੈਲ ਇਲਾਕੇ ਵਿੱਚ ਸੋਮਵਾਰ ਦੇਰ ਸ਼ਾਮ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਘਰ ਵਿੱਚ ਲਗਾਤਾਰ ਤਿੰਨ ਗੈਸ ਸਿਲੰਡਰ ਫਟ ਗਏ। ਧਮਾਕੇ ਇੰਨੇ ਜ਼ੋਰਦਾਰ ਸਨ ਕਿ ਪੂਰਾ ਇਲਾਕਾ ਦਹਿਲ ਗਿਆ ਅਤੇ ਲੋਕ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਧਮਾਕਿਆਂ ਤੋਂ ਬਾਅਦ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨੇ ਕੁਝ ਹੀ ਸਮੇਂ ਵਿੱਚ ਮਕਾਨ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਸਥਾਨਕ ਲੋਕਾਂ ਵੱਲੋਂ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਚਸ਼ਮਦੀਦਾਂ ਦੇ ਮੁਤਾਬਕ ਧਮਾਕਿਆਂ ਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ ਅਤੇ ਇਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
ਸ਼ੁਰੂਆਤੀ ਜਾਂਚ ਵਿੱਚ ਗੈਸ ਲੀਕੇਜ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
Related














