Patiala 30 May 2026 AJ DI Awaaj
Punjab Desk : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕਰਨ ਦੇ ਫੈਸਲੇ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਇਸ ਨਿਯੁਕਤੀ ਤੋਂ ਪਹਿਲਾਂ ਸੂਬੇ ਦੇ ਸੀਨੀਅਰ ਆਗੂਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਉਨ੍ਹਾਂ ਦੇ ਨਿੱਜੀ ਦੋਸਤ ਹਨ, ਪਰ ਉਹ ਨਹੀਂ ਸਮਝਦੇ ਕਿ ਉਹ ਭਾਜਪਾ ਦੀਆਂ ਉਮੀਦਾਂ ’ਤੇ ਪੂਰਾ ਉਤਰ ਸਕਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਮਹੱਤਵਪੂਰਨ ਫ਼ੈਸਲਿਆਂ ਤੋਂ ਪਹਿਲਾਂ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਸੀ, ਜਦਕਿ ਭਾਜਪਾ ਵਿੱਚ ਕੇਂਦਰੀ ਲੀਡਰਸ਼ਿਪ ਆਪਣੇ ਤੌਰ ’ਤੇ ਫ਼ੈਸਲੇ ਕਰਕੇ ਉਨ੍ਹਾਂ ਨੂੰ ਲਾਗੂ ਕਰ ਦਿੰਦੀ ਹੈ।
ਉਨ੍ਹਾਂ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਬਦਲਣ ਦੇ ਫ਼ੈਸਲੇ ’ਤੇ ਵੀ ਸਵਾਲ ਖੜ੍ਹੇ ਕੀਤੇ। ਕੈਪਟਨ ਨੇ ਕਿਹਾ, “ਸਿਰਫ਼ ਜੱਟ ਸਿੱਖ ਚਿਹਰਾ ਹੋਣ ਦੇ ਆਧਾਰ ’ਤੇ ਕਿਸੇ ਨੂੰ ਪ੍ਰਧਾਨ ਬਣਾਉਣ ਦਾ ਕੀ ਮਤਲਬ ਹੈ?”
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗੱਠਜੋੜ ਦੀ ਵਕਾਲਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਭਾਜਪਾ ਕੋਲ ਮਜ਼ਬੂਤ ਜ਼ਮੀਨੀ ਢਾਂਚਾ ਅਤੇ ਕਾਡਰ ਦੀ ਕਮੀ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਭਾਜਪਾ ਪੰਜਾਬ ਵਿੱਚ ਇਕੱਲੇ ਚੋਣਾਂ ਜਿੱਤ ਸਕਦੀ ਹੈ, ਤਾਂ ਉਨ੍ਹਾਂ ਮੰਨਿਆ ਕਿ ਮੌਜੂਦਾ ਹਾਲਾਤਾਂ ਵਿੱਚ ਪਾਰਟੀ ਇਸ ਸਥਿਤੀ ਵਿੱਚ ਨਹੀਂ ਹੈ।














