ਤਰਨਤਾਰਨ, 2 ਜੂਨ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਮੱਲਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਇਕ ਵਿਸ਼ੇਸ਼ ਰਾਜ ਪੱਧਰੀ ਸਨਮਾਨ ਸਮਾਰੋਹ ‘ਸਿਤਾਰੇ ਜ਼ਮੀਨ ‘ਤੇ’ ਆਯੋਜਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰੋਗਰਾਮ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚੋਂ ਜ਼ਿਲ੍ਹਾ ਪੱਧਰ ‘ਤੇ ਪਹਿਲੇ 3 ਸਥਾਨ ਹਾਸਲ ਕਰਨ ਵਾਲੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਕੱਤਰ ਸਿੰਘ ਬੱਲ, ਡਾਇਰੈਕਟਰ ਸਕੂਲ ਆਫ਼ ਐਜੂਕੇਸ਼ਨ (ਸੈਕੰਡਰੀ) ਪੰਜਾਬ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਜਿੱਥੇ ਉਨ੍ਹਾਂ ਦਾ ਹੌਸਲਾ ਵਧਾਇਆ, ਉਥੇ ਹੀ ਭਵਿੱਖ ਵਿੱਚ ਪੜ੍ਹਾਈ ਦੇ ਖੇਤਰ ਵਿੱਚ ਹੋਰ ਬੁਲੰਦੀਆਂ ‘ਤੇ ਪਹੁੰਚਣ ਅਤੇ ਦੇਸ਼-ਕੌਮ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੱਤਰ ਸਿੰਘ ਬੱਲ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੇ ਹਨ।
ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਰਾਜੀਵ ਕੁਮਾਰ ਛਾਬੜਾ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਉਨ੍ਹਾਂ ਵੱਲੋਂ ਬਿਕਰਮਜੀਤ ਸਿੰਘ ਅਤੇ ਇਕਬਾਲ ਸਿੰਘ (ਜੂਨੀਅਰ ਸਹਾਇਕ) ਨੂੰ ਨੋਡਲ ਅਫ਼ਸਰ ਨਿਯੁਕਤ ਕਰਕੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਤਰੀਕੇ ਨਾਲ ਸਮਾਰੋਹ ਵਿੱਚ ਸ਼ਾਮਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਨੂੰ ਉਨ੍ਹਾਂ ਬਾਖ਼ੂਬੀ ਨਿਭਾਇਆ।
ਸਨਮਾਨਿਤ ਹੋਣ ਵਾਲੇ ਜ਼ਿਲ੍ਹੇ ਦੇ ਪ੍ਰਮੁੱਖ ਸਿਤਾਰਿਆਂ ਵਿੱਚ ਅੱਠਵੀਂ ਜਮਾਤ ਦੀਆਂ ਲੜਕੀਆਂ ਸਿਮਰਨਜੀਤ ਕੌਰ (594/600), ਕੋਮਲਪ੍ਰੀਤ ਕੌਰ (588/600) ਅਤੇ ਮੁਸਕਾਨਪ੍ਰੀਤ ਕੌਰ (586/600), ਦਸਵੀਂ ਜਮਾਤ ਦੇ ਵਿਦਿਆਰਥੀ ਕਿਰਨਪ੍ਰੀਤ ਕੌਰ (632/650), ਏਕਮਜੋਤ ਕੌਰ (631/650) ਅਤੇ ਸਰਬਦੀਪ ਭੰਡਾਰੀ (624/650), ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗਰਵ ਦੇਵਗਨ (488/500), ਜਸ਼ਨਪ੍ਰੀਤ ਕੌਰ (488/500) ਅਤੇ ਮਨਸਿਮਰਨ ਕੌਰ (485/500) ਸ਼ਾਮਲ ਸਨ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਰਾਜ ਪੱਧਰੀ ਸਨਮਾਨ ਮਿਲਣ ਨਾਲ ਬੱਚਿਆਂ ਦਾ ਮਨੋਬਲ ਬਹੁਤ ਉੱਚਾ ਹੁੰਦਾ ਹੈ ਅਤੇ ਦੂਸਰੇ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਮਿਲਦੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਕੁਮਾਰ ਛਾਬੜਾ ਵੱਲੋਂ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।














