ਚੰਡੀਗੜ੍ਹ: 03 June 2026 AJ DI Awaaj
Chandigarh Desk : ਪੰਜਾਬ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਤਹਿਤ 25 ਜੂਨ 2026 ਤੋਂ ਘਰ-ਘਰ ਜਾ ਕੇ ਵੋਟਰਾਂ ਦੀ ਗਣਨਾ ਅਤੇ ਤਸਦੀਕ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਅੱਜ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਨੇ ਪ੍ਰੀ-ਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋ ਸਕਿਆ, ਉਨ੍ਹਾਂ ਦੀ ਸੂਚੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ। ਉਨ੍ਹਾਂ ਦੱਸਿਆ ਕਿ ਇਹ ਸੂਚੀ 27 ਮਈ 2026 ਤੱਕ ਦੀ ਸਥਿਤੀ ਅਨੁਸਾਰ ਤਿਆਰ ਕੀਤੀ ਗਈ ਹੈ ਅਤੇ ਸੰਭਵ ਹੈ ਕਿ ਇਸ ਤੋਂ ਬਾਅਦ ਕੁਝ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੋਵੇ।
ਅਨਿੰਦਿਤਾ ਮਿਤਰਾ ਨੇ SIR ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਰ-ਘਰ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਪ੍ਰੀ-ਮੈਪਿੰਗ ਦੌਰਾਨ ਦਰਜ ਨਹੀਂ ਹੋ ਸਕਿਆ ਤਾਂ ਉਸਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਅਜਿਹੇ ਮਾਮਲਿਆਂ ਵਿੱਚ ਚੋਣ ਅਧਿਕਾਰੀ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ।
ਮੁੱਖ ਚੋਣ ਅਫ਼ਸਰ ਨੇ ਜਾਣਕਾਰੀ ਦਿੱਤੀ ਕਿ ਪ੍ਰੀ-ਮੈਪਿੰਗ ਮੁਹਿੰਮ ਨੂੰ ਹੋਰ ਤੇਜ਼ੀ ਦੇਣ ਲਈ 7 ਜੂਨ 2026 ਨੂੰ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੀਐਲਓਜ਼ ਵੱਲੋਂ ਵੋਟਰਾਂ ਦੀ ਸਹਾਇਤਾ ਕੀਤੀ ਜਾਵੇਗੀ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀਐਲਏ-2 ਦੀ ਨਿਯੁਕਤੀ ਪ੍ਰਕਿਰਿਆ ਵਿੱਚ ਵੀ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ SIR ਦੌਰਾਨ ਬੀਐਲਏ-2 ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੇਗੀ।
ਇਸ ਮੌਕੇ ਮੁੱਖ ਚੋਣ ਅਫ਼ਸਰ ਨੇ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਵੋਟਰ ਮੈਪਿੰਗ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।
ਅਨਿੰਦਿਤਾ ਮਿਤਰਾ ਨੇ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ SIR ਦੇ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ। ਨਵੇਂ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਹੋਵੇਗੀ, ਜਦਕਿ ਇਨ੍ਹਾਂ ਦੀ ਸੁਣਵਾਈ ਅਤੇ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਬਾਕੀ ਸਮਾਂ-ਸਾਰਣੀ ਪਹਿਲਾਂ ਐਲਾਨੇ ਗਏ 14 ਮਈ 2026 ਦੇ ਪ੍ਰੋਗਰਾਮ ਅਨੁਸਾਰ ਹੀ ਲਾਗੂ ਰਹੇਗੀ।














