3 June 2026 Aj Di Awaaj
Punjab Desk: ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਤਬਦੀਲੀਆਂ ਕਰਦਿਆਂ ਸੱਤ ਆਈਏਐਸ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
2007 ਬੈਚ ਦੇ ਆਈਏਐਸ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦੇ ਅਹੁਦੇ ਤੋਂ ਹਟਾ ਕੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਘਨਸ਼ਿਆਮ ਥੋਰੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਦੇ ਨਾਲ ਮੈਡੀਕਲ ਸਿੱਖਿਆ ਵਿਭਾਗ ਦੇ ਵਾਧੂ ਚਾਰਜ ਤੋਂ ਮੁਕਤ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦਾ ਪ੍ਰਸ਼ਾਸਨਿਕ ਸਕੱਤਰ ਬਣਾਇਆ ਗਿਆ ਹੈ।
ਕੁਲਵੰਤ ਸਿੰਘ ਬਣੇ ਉੱਚ ਸਿੱਖਿਆ ਡਾਇਰੈਕਟਰ
2012 ਬੈਚ ਦੇ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਦੇ ਅਹੁਦੇ ਤੋਂ ਤਬਦੀਲ ਕਰਕੇ ਉੱਚ ਸਿੱਖਿਆ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਉੱਥੇ ਹੀ ਸਾਕਸ਼ੀ ਸਾਹਨੀ ਦੀਆਂ ਸੇਵਾਵਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੌਂਪਦਿਆਂ ਉਨ੍ਹਾਂ ਨੂੰ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਪੰਜਾਬ ਦਾ ਮਿਸ਼ਨ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਅਰਬਨ ਪਲਾਨਿੰਗ ਐਂਡ ਡਿਵੈਲਪਮੈਂਟ ਅਥਾਰਟੀ (PUDA) ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ।
ਜਸਪ੍ਰੀਤ ਸਿੰਘ ਨੂੰ ਮਿਲਿਆ ਵਾਧੂ ਚਾਰਜ
ਜਸਪ੍ਰੀਤ ਸਿੰਘ ਨੂੰ ਉਦਯੋਗ ਅਤੇ ਵਪਾਰ ਵਿਭਾਗ ਦੇ ਡਾਇਰੈਕਟਰ ਦੇ ਨਾਲ-ਨਾਲ ਪੰਜਾਬ ਇਨਫੋਟੈਕ ਦੇ ਪ੍ਰਬੰਧ ਨਿਰਦੇਸ਼ਕ (ਐਮਡੀ) ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਇਸੇ ਦੌਰਾਨ ਹਰਸੂਹਿੰਦਰ ਪਾਲ ਸਿੰਘ ਬਰਾੜ ਨੂੰ ਉੱਚ ਸਿੱਖਿਆ ਡਾਇਰੈਕਟਰ ਦੇ ਅਹੁਦੇ ਤੋਂ ਤਬਦੀਲ ਕਰਕੇ ਸਥਾਨਕ ਸਰਕਾਰਾਂ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਰੁਬਿੰਦਰਜੀਤ ਸਿੰਘ ਬਰਾੜ ਨੂੰ ਮਿਲੀ ਅਹਿਮ ਜ਼ਿੰਮੇਵਾਰੀ
2020 ਬੈਚ ਦੇ ਆਈਏਐਸ ਅਧਿਕਾਰੀ ਰੁਬਿੰਦਰਜੀਤ ਸਿੰਘ ਬਰਾੜ ਦੀਆਂ ਸੇਵਾਵਾਂ ਉਦਯੋਗ ਅਤੇ ਵਪਾਰ ਵਿਭਾਗ ਨੂੰ ਸੌਂਪਦਿਆਂ ਉਨ੍ਹਾਂ ਨੂੰ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਅਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਹ ਸਥਾਨਕ ਸਰਕਾਰਾਂ ਵਿਭਾਗ ਵਿੱਚ ਵਧੀਕ ਸਕੱਤਰ ਦਾ ਚਾਰਜ ਵੀ ਸੰਭਾਲਣਗੇ।
ਪੰਜਾਬ ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਤਾਇਨਾਤੀਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।














