ਸ੍ਰੀ ਅਨੰਦਪੁਰ ਸਾਹਿਬ 05 ਜੂਨ 2026 AJ DI Awaaj
Punjab Desk : ਵਿਸ਼ਵ ਵਾਤਾਵਰਣ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਦਫਤਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਪੀ.ਸੀ.ਐਸ ਨੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਫਲਦਾਰ ਤੇ ਫੁੱਲਦਾਰ ਪੌਦੇ ਲਗਾ ਕੇ ਕੀਤਾ। ਉਨ੍ਹਾਂ ਨੇ ਵਾਤਾਵਰਣ ਅਤੇ ਪੋਣ ਪਾਂਣੀ ਦੀ ਸੰਭਾਲ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਅਜੋਕ ਸਮੇਂ ਵਿੱਚ ਜਿੱਥੇ ਪੌਦੇ ਲਗਾਉਣੇ ਜਰੂਰੀ ਹਨ, ਉਥੇ ਸਿੰਗਲ ਯੂਜ਼਼ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਲਈ ਵੀ ਕੰਮ ਕਰਨ ਦੀ ਜਰੂਰਤ ਹੈ। ਵਧੀਕ ਜਿਲ੍ਹਾ ਲੋਕ ਸੰਪਰਕ ਦਫਤਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਆਸਰਾ ਫਾਊਡੇਸ਼ਨ ਅਤੇ ਅਲਾਇੰਸ ਕਲੱਬ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ ਇਲਾਕੇ ਦੀਆਂ ਪ੍ਰਮੁੱਖ ਉੱਘੀਆ ਸਖਸ਼ੀਅਤਾ ਸ਼ਾਮਿਲ ਹੋਈਆਂ।
ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਾਤਾਵਰਣ ਦੀ ਸੰਭਾਲ ਸਾਡੇ ਲਈ ਸਭ ਤੋਂ ਵੱਡੀ ਜ਼ਿੰਮੇਵਾਰੀ ਬਣ ਚੁੱਕੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ ਹੈ, ਉਥੇ ਹੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਸਾਡੇ ਵਾਤਾਵਰਣ, ਜਲ ਸਰੋਤਾਂ ਅਤੇ ਮਨੁੱਖੀ ਸਿਹਤ ਲਈ ਖਤਰਾ ਬਣ ਰਿਹਾ ਹੈ, ਜਿਸ ਨੂੰ ਘਟਾਉਣ ਲਈ ਸਾਂਝੀ ਕੋਸ਼ਿਸ਼ਾਂ ਦੀ ਲੋੜ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਨਾਗਰਿਕ ਤੱਕ ਇਸ ਸੰਦੇਸ਼ ਨੂੰ ਪਹੁੰਚਾਇਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਆਪਣੇ ਆਸ-ਪਾਸ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਰਫ ਪੌਦੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਦੇਖਭਾਲ ਕਰਨਾ ਵੀ ਉਤਨਾ ਹੀ ਜਰੂਰੀ ਹੈ ਤਾਂ ਜੋ ਇਹ ਪੌਦੇ ਵੱਡੇ ਹੋ ਕੇ ਵਾਤਾਵਰਣ ਨੂੰ ਸੁਧਾਰ ਸਕਣ।
ਇਸ ਮੌਕੇ ਆਸਰਾ ਫਾਊਡੇਸ਼ਨ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਨਾ ਸਿਰਫ ਪੌਦੇ ਲਗਾਏ ਜਾ ਰਹੇ ਹਨ, ਸਗੋਂ ਲੋਕਾਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਦੀਆਂ ਹੋਰ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਾਰਜ ਨਾਲ ਜੋੜਿਆ ਜਾ ਸਕੇ।
ਅਲਾਇੰਸ ਕਲੱਬ ਦੇ ਮੈਂਬਰਾਂ ਨੇ ਇਸ ਮੌਕੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰੇਰਣਾ ਸਦਕਾ ਗੁਰੂ ਨਗਰੀ ਵਿੱਚ ਹਜ਼ਾਰਾਂ ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਇੱਕ ਦਿਨ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਇਸ ਨੂੰ ਲਗਾਤਾਰ ਚਲਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਏ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਏ।
ਇਸ ਸਮਾਗਮ ਦੌਰਾਨ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ, ਜੋ ਨਾ ਸਿਰਫ ਵਾਤਾਵਰਣ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਣਗੇ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ ਅਤੇ ਸਿਹਤਮੰਦ ਵਾਤਾਵਰਣ ਵੀ ਯਕੀਨੀ ਬਣਾਉਣਗੇ। ਸਮਾਗਮ ਵਿੱਚ ਮੌਜੂਦ ਸਾਰੇ ਸਹਿਭਾਗੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
ਐਸ.ਡੀ.ਐਮ ਸੁਖਪਾਲ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਸਾਰੇ ਮਿਲ ਕੇ ਇਹ ਜਿੰਮੇਵਾਰੀ ਨਿਭਾਈਏ ਤਾਂ ਅਸੀਂ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਅਤੇ ਸੁੰਦਰ ਬਣਾ ਸਕਦੇ ਹਾਂ। ਉਨ੍ਹਾਂ ਨੇ ਮੁਹਿੰਮ ਨੂੰ ਹੋਰ ਗਤੀ ਦੇਣ ਅਤੇ ਇਸ ਨੂੰ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ।
ਇਸ ਮੌਕੇ ਜਸਦੀਪ ਸਿੰਘ ਧਾਲੀਵਾਲ ਪ੍ਰਧਾਨ ਆਸਰਾ ਫਾਊਡੇਸ਼ਨ, ਦਵਿੰਦਰਪਾਲ ਸਿੰਘ ਪ੍ਰਧਾਨ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਅਰਸ਼ਵਰਿੰਦਰ ਕੌਰ ਕੋਂਸਲਰ, ਦੀਪਕ ਆਂਗਰਾ ਕੋਂਸਲਰ, ਜਤਿਨ ਕੋਸ਼ਲ ਕੌਂਸਲਰ, ਆਤਮਾ ਸਿੰਘ ਘੱਟੀਵਾਲ, ਗੁਰਪ੍ਰੀਤਮ ਸਿੰਘ, ਮਹਿੰਦਰਮੋਹਨ ਸਿੰਘ, ਡਾ.ਭਰਤ ਜਸਵਾਲ, ਸੁਖਜੀਤ ਸਿੰਘ ਕੈਂਥ, ਸਤਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਮਾਸਟਰ ਸੰਜੀਵ ਧਰਮਾਣੀ, ਧੀਰਜ ਘਈ, ਦੁਰੋਹਿਨ ਘਈ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।














