ਅਮਨ ਅਰੋੜਾ ਨੇ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਿਤ

5

ਸੁਨਾਮ, 08 ਜੂਨ 2026 AJ DI Awaaj

Punjab Desk :  ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦਾ ਹਿੱਸਾ ਬਣ ਕੇ ਰਿਲੇਅ ਰੇਸ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਪਿੰਡ ਖਡਿਆਲ ਜ਼ਿਲ੍ਹਾ ਸੰਗਰੂਰ ਦੀ ਹੋਣਹਾਰ ਅਥਲੀਟ ਸਹਿਨੂਰ ਬਾਵਾ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਹਿਨੂਰ ਬਾਵਾ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਹਿਨੂਰ ਬਾਵਾ ਦੀ ਇਹ ਪ੍ਰਾਪਤੀ ਨਾ ਸਿਰਫ਼ ਸੁਨਾਮ ਖੇਤਰ ਸਗੋਂ ਸਮੁੱਚੇ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇੱਕ ਸਧਾਰਨ ਪਰਿਵਾਰ ਵਿੱਚੋਂ ਉੱਠ ਕੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਲਈ ਸੋਨ ਤਮਗਾ ਜਿੱਤਣਾ ਉਸ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਸਹਿਨੂਰ ਬਾਵਾ ਵਰਗੀਆਂ ਧੀਆਂ ਪੰਜਾਬ ਦੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਨਵੇਂ ਕੀਰਤੀਮਾਨ ਸਥਾਪਤ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ, ਖੇਡ ਬੁਨਿਆਦੀ ਢਾਂਚਾ ਅਤੇ ਲੋੜੀਂਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਆਧੁਨਿਕ ਸਟੇਡੀਅਮਾਂ ਦੀ ਉਸਾਰੀ ਦੇ ਨਾਲ-ਨਾਲ ਯੋਗ ਕੋਚਾਂ ਦੀ ਨਿਯੁਕਤੀ ਵੀ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਸਹਿਨੂਰ ਬਾਵਾ ਦੇ ਕੋਚ ਜਸਪ੍ਰੀਤ ਸਿੰਘ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖਿਡਾਰੀਆਂ ਦੀ ਸਫ਼ਲਤਾ ਵਿੱਚ ਕੋਚਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਹਿਨੂਰ ਦੀ ਇਸ ਕਾਮਯਾਬੀ ਪਿੱਛੇ ਉਸ ਦੀ ਮਿਹਨਤ ਦੇ ਨਾਲ-ਨਾਲ ਕੋਚ ਦੀ ਮਾਰਗਦਰਸ਼ਨ ਵੀ ਅਹਿਮ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰੋੜਾਂ ਰੁਪਏ ਲਾ ਕੇ ਅੱਤ ਆਧੁਨਿਕ ਖੇਡ ਸਟੇਡੀਅਮ ਅਤੇ ਵੱਖੋ ਵੱਖ ਖੇਡ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿੱਚ ਹਾਕੀ ਦੀ ਐਸਟਰੋਟਰਫ ਅਤੇ ਅਥਲੈਟਿਕਸ ਲਈ ਸਿੰਥੈਟਿਕ ਟਰੈਕ ਵੀ ਸ਼ਾਮਿਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹੀਦਾਂ ਦੀ ਧਰਤੀ ਸੁਨਾਮ ਖੇਡਾਂ ਦੇ ਕੇਂਦਰ ਵਜੋਂ ਉਭਰ ਕੇ ਸਾਹਮਣੇ ਆਵੇਗੀ।

ਇਸ ਮੌਕੇ ਸਹਿਨੂਰ ਬਾਵਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਦੇਸ਼ ਲਈ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪੂਰੀ ਮਿਹਨਤ ਨਾਲ ਤਿਆਰੀ ਜਾਰੀ ਰੱਖੇਗੀ।