ਜਲਦ ਹੋਣਗੇ ਰਿਹਾਇਸ਼ੀ ਪਲਾਟਾਂ ਦੇ ਡਰਾਅ/ਨੀਲਾਮੀ

42

ਹੁਸ਼ਿਆਰਪੁਰ, 9 ਜੂਨ 2026 AJ DI Awaaj

Punjab Desk : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਟਰੱਸਟ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵੇਨਿਊ) ਦਾ ਦੌਰਾ ਕਰਕੇ ਵਿਕਾਸ ਕਾਰਜਾਂ ਅਤੇ ਪ੍ਰਸਤਾਵਿਤ ਰਿਹਾਇਸ਼ੀ ਪਲਾਟਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਭਗ 8 ਏਕੜ ਖੇਤਰ ਵਿੱਚ ਵਿਕਸਤ ਕੀਤੇ ਜਾ ਰਹੇ ਰਿਹਾਇਸ਼ੀ ਪਲਾਟਾਂ ਦੀ ਨਿਸ਼ਾਨਦੇਹੀ ਦਾ ਕੰਮ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਗੁਰਵਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਗਠਿਤ ਪ੍ਰਾਈਸ ਐਂਡ ਰੈਂਟ ਫਿਕਸੇਸ਼ਨ ਕਮੇਟੀ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਰਦੇ ਹਨ, ਨੇ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਲਈ ਸਾਲ 2026-27 ਦੀਆਂ ਰਾਖਵੀਆਂ ਕੀਮਤਾਂ ਨਿਰਧਾਰਿਤ ਕਰਕੇ ਸਰਕਾਰ ਨੂੰ ਭੇਜੀਆਂ ਸਨ। ਸਰਕਾਰ ਵੱਲੋਂ ਇਨ੍ਹਾਂ ਕੀਮਤਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਤੀਜੇ ਵਜੋਂ ਸਕੀਮ ਨੰਬਰ-2 (ਰਾਜੀਵ ਗਾਂਧੀ ਐਵੇਨਿਊ) ਵਿੱਚ ਲਗਭਗ 8 ਏਕੜ ਜ਼ਮੀਨ ‘ਤੇ ਵਿਕਸਤ ਕੀਤੇ ਗਏ ਰਿਹਾਇਸ਼ੀ ਪਲਾਟਾਂ ਦੀ ਡਰਾਅ ਜਾਂ ਨੀਲਾਮੀ ਪ੍ਰਕਿਰਿਆ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਚੇਅਰਮੈਨ ਨੇ ਉਸ ਖੇਤਰ ਦਾ ਵੀ ਨਿਰੀਖਣ ਕੀਤਾ, ਜਿੱਥੇ ਪਹਿਲਾਂ ਵਿਕਾਸ ਕਾਰਜ ਨਹੀਂ ਕੀਤੇ ਗਏ ਸਨ ਅਤੇ ਇਸ ਵੇਲੇ ਵੱਖ-ਵੱਖ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਥਾਨਕ ਨਿਵਾਸੀਆਂ ਦੀਆਂ ਮੰਗਾਂ ਅਤੇ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਕੀਮ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇੱਕ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਪਾਣੀ ਦੀ ਕਮੀ ਤੋਂ ਕਾਫ਼ੀ ਰਾਹਤ ਮਿਲੇਗੀ।
ਗੁਰਵਿੰਦਰ ਸਿੰਘ ਪਾਬਲਾ ਨੇ ਅੱਗੇ ਦੱਸਿਆ ਕਿ ਰਾਜੀਵ ਗਾਂਧੀ ਐਵੇਨਿਊ ਵਿਖੇ ਕੁਝ ਸਮੱਸਿਆਵਾਂ ਦੇ ਸਥਾਈ ਹੱਲ ਲਈ ਸੜਕ ਨੂੰ ਉੱਚਾ ਕਰਨ ਸਬੰਧੀ ਟੈਂਡਰ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ ਜਲਦ ਹੀ ਮਨਜ਼ੂਰੀ ਉਪਰੰਤ ਸੜਕ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ।