ਬਰਨਾਲਾ, 10 ਜੂਨ 2026 AJ DI Awaaj
Punjab Desk : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸੰਪੂਰਨ ਤੇ ਭਰੋਸੇਯੋਗ ਬਣਾਉਣ ਲਈ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) -2026 ਮੁਹਿੰਮ ਤਹਿਤ ਆਮ ਨਾਗਰਿਕਾਂ, ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਹੈਲਪ ਡੈਸਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਸਥਾਪਿਤ ਕੀਤਾ ਗਿਆ ਹੈ। ਓਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਐੱਸ ਆਈ ਆਰ, ਵੋਟਰ ਸੂਚੀਆਂ ਇਕ ਅਹਿਮ ਪ੍ਰਕਿਰਿਆ ਹੈ ਅਤੇ ਇਸ ਬਾਰੇ ਸੋਸ਼ਲ ਮੀਡੀਆ ’ਤੇ ਗੁੰਮਰਾਹਕੁਨ ਪ੍ਰਚਾਰ ਅਤੇ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਡੈਸਕ ‘ਤੇ ਰਾਬਤਾ ਕੀਤਾ ਜਾਵੇ।
ਓਹਨਾਂ ਕਿਹਾ ਕਿ ਪੰਜਾਬ ਭਰ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ Enumeration Form ਭਰਵਾਏ ਜਾਣਗੇ। ਇਸ ਦੌਰਾਨ ਹਰ ਯੋਗ ਵੋਟਰ ਲਈ ਫਾਰਮ ਭਰਨਾ ਲਾਜ਼ਮੀ ਹੋਵੇਗਾ। ਬੀ.ਐੱਲ.ਓਜ਼ ਵੋਟਰਾਂ ਨੂੰ ਫਾਰਮ ਦੀਆਂ ਦੋ ਕਾਪੀਆਂ ਦੇਣਗੇ, ਫਾਰਮ ਭਰਨ ਵਿੱਚ ਮਦਦ ਕਰਨਗੇ ਅਤੇ ਇੱਕ ਕਾਪੀ ਪ੍ਰਾਪਤ ਕਰਕੇ ਦੂਜੀ ਰਸੀਦ ਵਜੋਂ ਵਾਪਸ ਕਰਨਗੇ। ਜੇਕਰ ਕਿਸੇ ਘਰ ਵਿੱਚ ਵੋਟਰ ਨਾ ਮਿਲੇ ਤਾਂ ਫਾਰਮ ਉੱਥੇ ਛੱਡਿਆ ਜਾਵੇਗਾ, ਜਿਸ ਨੂੰ ਭਰ ਕੇ ਸਬੰਧਤ ਬੀ.ਐੱਲ.ਓ. ਜਾਂ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਡਰਾਫਟ ਵੋਟਰ ਸੂਚੀ 03 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 01 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਆਪਣੀ ਪਛਾਣ ਅਤੇ ਯੋਗਤਾ ਸਬੰਧੀ ਦਸਤਾਵੇਜ਼ਾਂ ਵਜੋਂ ਜਨਮ ਪ੍ਰਮਾਣ ਪੱਤਰ, ਪਾਸਪੋਰਟ, ਮੈਟ੍ਰਿਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ ਜਾਂ ਹੋਰ ਮਨਜ਼ੂਰਸ਼ੁਦਾ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਵੋਟਰਾਂ ਨੂੰ ਗਣਨਾ ਫਾਰਮ ਵਿੱਚ ਆਪਣਾ ਸਹੀ ਮੋਬਾਈਲ ਨੰਬਰ ਦਰਜ ਕਰਨ ਅਤੇ ਹਾਲੀਆ ਰੰਗੀਨ ਫੋਟੋ ਲਗਾਉਣ ਦੀ ਵੀ ਅਪੀਲ ਕੀਤੀ ਗਈ ਹੈ।
ਓਹਨਾਂ ਕਿਹਾ ਕਿ ਐੱਸ.ਆਈ.ਆਰ. ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚੋਂ ਰਹਿ ਨਾ ਜਾਵੇ ਅਤੇ ਕੋਈ ਵੀ ਅਯੋਗ ਜਾਂ ਡੁਪਲੀਕੇਟ ਐਂਟਰੀ ਦਰਜ ਨਾ ਹੋਵੇ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ੰਕਾ ਜਾਂ ਸ਼ਿਕਾਇਤ ਲਈ ਟੋਲ-ਫਰੀ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।














