11 June 2026 Aj Di Awaaj
Chandigarh Desk: ਚੰਡੀਗੜ੍ਹ ਵਿੱਚ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ ਅਤੇ ਅਪਡੇਟ ਬਣਾਉਣ ਲਈ ਚੋਣ ਵਿਭਾਗ 15 ਜੂਨ ਤੋਂ ਵਿਸ਼ੇਸ਼ ਤੀਬਰ ਸੋਧ ਮੁਹਿੰਮ ਸ਼ੁਰੂ ਕਰਨ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ 5.16 ਲੱਖ ਤੋਂ ਵੱਧ ਵੋਟਰਾਂ ਦੀ ਮੁੜ ਜਾਂਚ ਅਤੇ ਤਸਦੀਕ ਕੀਤੀ ਜਾਵੇਗੀ।
ਮੁੱਖ ਚੋਣ ਅਧਿਕਾਰੀ ਪ੍ਰੇਰਨਾ ਪੁਰੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨਿਸ਼ਾਂਤ ਕੁਮਾਰ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਦੇਸ਼ ਦੇ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਚਲਾਈ ਜਾ ਰਹੀ ਹੈ। ਇਸ ਦਾ ਉਦੇਸ਼ ਡੁਪਲੀਕੇਟ ਐਂਟਰੀਆਂ ਨੂੰ ਹਟਾਉਣਾ, ਮ੍ਰਿਤਕ ਜਾਂ ਹੋਰ ਥਾਵਾਂ ‘ਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੇ ਵੇਰਵਿਆਂ ਨੂੰ ਅਪਡੇਟ ਕਰਨਾ ਹੈ।
ਮੁਹਿੰਮ ਦੌਰਾਨ 15 ਜੂਨ ਤੋਂ 14 ਜੁਲਾਈ ਤੱਕ ਸ਼ਹਿਰ ਭਰ ਵਿੱਚ 614 ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਵੋਟਰਾਂ ਤੋਂ ਜਾਣਕਾਰੀ ਇਕੱਠੀ ਕਰਨਗੇ। ਹਰ ਵੋਟਰ ਨੂੰ ਗਣਨਾ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਇੱਕ ਕਾਪੀ ਭਰ ਕੇ BLO ਨੂੰ ਵਾਪਸ ਦੇਣੀ ਹੋਵੇਗੀ, ਜਦਕਿ ਦੂਜੀ ਕਾਪੀ ਵੋਟਰ ਕੋਲ ਰਸੀਦ ਵਜੋਂ ਰਹੇਗੀ।
ਚੋਣ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕਿਸੇ ਘਰ ‘ਤੇ ਤਾਲਾ ਲੱਗਿਆ ਹੋਇਆ ਮਿਲਦਾ ਹੈ ਤਾਂ BLO ਤਿੰਨ ਵੱਖ-ਵੱਖ ਮੌਕਿਆਂ ‘ਤੇ ਉੱਥੇ ਦੁਬਾਰਾ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਜਾਣਕਾਰੀ ਨਹੀਂ ਮਿਲਦੀ, ਤਾਂ ਸੰਬੰਧਿਤ ਨਾਮ ਨੂੰ ਗੈਰਹਾਜ਼ਰ, ਸ਼ਿਫਟ ਹੋਇਆ ਜਾਂ ਡੁਪਲੀਕੇਟ ਮੰਨ ਕੇ ਵੋਟਰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।
ਚੋਣ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਸ ਮੁਹਿੰਮ ਦੌਰਾਨ ਗਣਨਾ ਫਾਰਮ ਭਰਨਾ ਅਤੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਆਉਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਵਿਅਕਤੀਆਂ ਦੇ ਨਾਮ ਹੀ ਸ਼ਾਮਲ ਕੀਤੇ ਜਾਣਗੇ ਜਿਨ੍ਹਾਂ ਨੇ ਆਪਣੇ ਫਾਰਮ ਭਰ ਕੇ ਜਮ੍ਹਾਂ ਕਰਵਾਏ ਹੋਣਗੇ।
ਅਧਿਕਾਰੀਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ BLO ਨਾਲ ਪੂਰਾ ਸਹਿਯੋਗ ਕਰਨ ਅਤੇ ਸਮੇਂ ਸਿਰ ਆਪਣੀ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਵੋਟਰ ਸੂਚੀ ਨੂੰ ਗਲਤੀ-ਮੁਕਤ ਅਤੇ ਅਪਡੇਟ ਬਣਾਇਆ ਜਾ ਸਕੇ।














