15 ਜੂਨ ਨੂੰ ਪੰਜਾਬ ਦੇ ਰਾਜਪਾਲ ਫਰੀਦਕੋਟ ਵਿਖੇ ਕਰਨਗੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ

5
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਰੀਦਕੋਟ
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਫਰੀਦਕੋਟ, 12 ਜੂਨ 2026 Aj Di Awaaj
Punjab Desk:  ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ 15 ਜੂਨ ਨੂੰ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਥਾਪਤ ਕੀਤੇ ਗਏ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਨਗੇ ਅਤੇ ਇਸ ਉਪਰੰਤ ਸੱਭਿਆਚਾਰਕ ਕੇਂਦਰ ਦੇ ਆਡੀਟੋਰੀਅਮ ਹਾਲ ਵਿਖੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਸਨ ਫਾਊਂਡੇਸ਼ਨ ਵੱਲੋਂ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿੱਚ ਨੌਜਵਾਨਾਂ ਨੂੰ ਸੱਤ ਵੱਖ-ਵੱਖ ਹੁਨਰਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਪੂਰੀ ਹੋਣ ਉਪਰੰਤ ਸਿਖਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਪਾਲ ਦੇ ਦੌਰੇ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਅਤੇ ਪ੍ਰੋਗਰਾਮਾਂ ਦੇ ਸੁਚਾਰੂ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਥਿਤ ਐਸਟ੍ਰੋਟਰਫ ਹਾਕੀ ਗਰਾਊਂਡ ਦਾ ਦੌਰਾ ਕਰਨਗੇ ਅਤੇ ਉੱਥੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ ਡੀ ਐਮ ਕੋਟਕਪੂਰਾ ਰਾਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਐਕਸੀਅਨ ਵਾਟਰ ਸਪਲਾਈ ਸ਼ਮਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਐਕਸੀਅਨ ਪੀ.ਡਬਲਊ ਡੀ. ਨਵਜੀਤ ਸਿੰਘ ਬਰਾੜ, ਡੀ.ਐਫ.ਐਸ.ਸੀ. ਗੁਰਜੀਤ ਸਿੰਘ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ, ਐਮ.ਸੀ. ਨਗਰ ਕੌਂਸਲ ਫਰੀਦਕੋਟ ਸ੍ਰੀ ਅਮ੍ਰਿੰਤ ਲਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।