ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

33
ਰੂਪਨਗਰ, 12 ਜੂਨ 2026 AJ DI Awaaj
Punjab Desk :   ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ (ਆਈ.ਟੀ.ਐਮ. ਸਕਿੱਲਜ਼ ਅਕੈਡਮੀ) ਵੱਲੋਂ ਗਾਹਕ ਸਬੰਧ ਪ੍ਰਬੰਧਕ (ਰਿਲੇਸ਼ਨਸ਼ਿਪ ਮੈਨੇਜਰ) ਦੀਆਂ ਅਸਾਮੀਆਂ ਲਈ ਇੰਟਰਵਿਊ ਲਏ ਗਏ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਉਮੀਦਵਾਰ ਦਾ ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ ਹੋਣਾ ਅਤੇ ਸਮੁੱਚੇ ਅਕਾਦਮਿਕ ਰਿਕਾਰਡ ਵਿੱਚ ਘੱਟੋ-ਘੱਟ 50 ਫੀਸਦੀ ਅੰਕ ਪ੍ਰਾਪਤ ਹੋਣਾ ਲਾਜ਼ਮੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਵਿੱਚੋਂ 16 ਉਮੀਦਵਾਰਾਂ ਦੀ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਨੂੰ ਸਾਲਾਨਾ 3.18 ਲੱਖ ਰੁਪਏ ਤੋਂ 3.80 ਲੱਖ ਰੁਪਏ ਤੱਕ ਦਾ ਤਨਖ਼ਾਹ ਪੈਕੇਜ ਅਤੇ ਹੋਰ ਪ੍ਰੋਤਸਾਹਨ ਲਾਭ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਰਹਿਣਗੇ।