ਬਿਆਸ ਦਰਿਆ ਦਾ ਪਾਣੀ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ ‘ਤੇ

3

ਬਾਬਾ ਬਕਾਲਾ ਸਾਹਿਬ, 14 ਜੂਨ 2026 Aj Di Awaaj

Punjab Desk:  ਪਹਾੜੀ ਇਲਾਕਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਕਾਰਨ ਬਰਫ਼ ਤੇਜ਼ੀ ਨਾਲ ਪਿਘਲ ਰਹੀ ਹੈ, ਜਿਸ ਦੇ ਨਤੀਜੇ ਵਜੋਂ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਿਆਸ ਦਰਿਆ ਦੇ ਪਾਣੀ ਦੇ ਵਹਾਅ ਵਿੱਚ ਵੀ ਪਿਛਲੇ ਕੁਝ ਦਿਨਾਂ ਦੌਰਾਨ ਮਹੱਤਵਪੂਰਨ ਵਾਧਾ ਹੋਇਆ ਹੈ, ਜਿਸ ਕਾਰਨ ਦਰਿਆ ਕੰਢੇ ਵੱਸਦੇ ਲੋਕਾਂ ਅਤੇ ਕਿਸਾਨਾਂ ਦੀ ਚਿੰਤਾ ਵਧ ਗਈ ਹੈ।

ਸੂਤਰਾਂ ਮੁਤਾਬਕ ਪਿਛਲੇ ਚਾਰ ਦਿਨਾਂ ਵਿੱਚ ਬਿਆਸ ਦਰਿਆ ਦੇ ਪਾਣੀ ਦੇ ਵਹਾਅ ਵਿੱਚ ਕਰੀਬ 10 ਹਜ਼ਾਰ ਕਿਊਸੈਕ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸ ਸਮੇਂ ਹੜ੍ਹ ਵਰਗੀ ਕੋਈ ਸਥਿਤੀ ਨਹੀਂ ਹੈ, ਪਰ ਪ੍ਰਸ਼ਾਸਨ ਵੱਲੋਂ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੌਂਗ ਡੈਮ ਦੇ ਜਲ ਪੱਧਰ ਵਿੱਚ ਵੀ 20 ਫੁੱਟ ਤੋਂ ਵੱਧ ਦਾ ਵਾਧਾ ਹੋ ਚੁੱਕਾ ਹੈ। ਡੈਮ ਦੀ ਸੁਰੱਖਿਆ ਅਤੇ ਜਲ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆਂ ਲੋੜ ਪੈਣ ‘ਤੇ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ, ਜਿਸ ਨਾਲ ਬਿਆਸ ਦਰਿਆ ਦਾ ਪਾਣੀ ਪੱਧਰ ਹੋਰ ਵਧ ਸਕਦਾ ਹੈ।

ਬਿਆਸ ਦਰਿਆ ਦੇ ਕੰਢੇ ਵੱਸਦੇ ਕਿਸਾਨਾਂ ਅਤੇ ਗੁੱਜਰ ਭਾਈਚਾਰੇ ਦੇ ਲੋਕਾਂ ਲਈ ਇਹ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਦਰਿਆ ਦੇ ਕੰਢਿਆਂ ਦੇ ਨੇੜੇ ਬਿਨਾਂ ਲੋੜ ਆਉਣ-ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।

ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਬ-ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ, ਬਾਬਾ ਬਕਾਲਾ ਸਾਹਿਬ ਅਧੀਨ ਇੱਕ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ 24 ਘੰਟੇ ਸਰਗਰਮ ਰਹਿ ਕੇ ਦਰਿਆ ਦੇ ਪਾਣੀ ਦੇ ਪੱਧਰ, ਮੌਸਮ ਦੀ ਸਥਿਤੀ ਅਤੇ ਆਸ-ਪਾਸ ਦੇ ਖੇਤਰਾਂ ਦੀ ਨਿਗਰਾਨੀ ਕਰੇਗਾ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ, ਪਰ ਮੌਸਮ ਅਤੇ ਪਾਣੀ ਦੇ ਪੱਧਰ ਵਿੱਚ ਹੋਣ ਵਾਲੇ ਬਦਲਾਵਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।