ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਸ਼ੁਰੂ

47
ਬਰਨਾਲਾ, 16 ਜੂਨ 2026 AJ DI Awaaj
Punjab Desk :   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਤੇ ਆਰਥਿਕ ਸ਼ਕਤੀਕਰਨ ਲਈ ਐਲਾਨੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
  ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐੱਸ ਸੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਹੋ ਗਈ ਹੈ।
ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਓਹਨਾਂ ਦੱਸਿਆ ਕਿ ਸਬੰਧਤ ਵਿਭਾਗ ਵਲੋਂ ਇਸਦੀ ਰਜਿਸਟ੍ਰੇਸ਼ਨ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਜਾ ਰਹੀ ਹੈ। ਓਹਨਾਂ ਕਿਹਾ ਕਿ ਔਰਤਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਜਿਵੇਂ ਬੈਂਕ ਦੀ ਕਾਪੀ, ਆਧਾਰ ਕਾਰਡ, ਵੋਟਰ ਕਾਰਡ, ਐੱਸ ਸੀ ਸ਼੍ਰੇਣੀ ਦੀਆਂ ਔਰਤਾਂ ਲਈ ਜਾਤੀ ਸਰਟੀਫਿਕੇਟ ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਲਿਜਾ ਕੇ ਆਂਗਨਵਾੜੀ ਸੈਂਟਰਾਂ ਵਿੱਚ ਰਾਬਤਾ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਔਰਤਾਂ ਦੀ ਆਰਥਿਕ ਖੁਸ਼ਹਾਲੀ ਲਈ ਇਹ ਯੋਜਨਾ ਲਿਆਂਦੀ ਗਈ ਹੈ ਅਤੇ ਵੱਡੀ ਗਿਣਤੀ ਔਰਤਾਂ ਇਸ ਸਕੀਮ ਦੇ ਘੇਰੇ ਅਧੀਨ ਆਉਣਗੀਆਂ।