ਮੋਹਾਲੀ: 17 June 2026 AJ DI Awaaj
Punjab Desk : ਪੰਜਾਬ ਸਰਕਾਰ ਨੇ ਮਹਿਲਾ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਗਰੁੱਪ ‘ਸੀ’ ਅਤੇ ‘ਡੀ’ ਸ਼੍ਰੇਣੀ ਦੀਆਂ ਮਹਿਲਾ ਕਰਮਚਾਰੀਆਂ ਨੂੰ ਪ੍ਰੋਬੇਸ਼ਨ ਪੀਰੀਅਡ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੀ ਦੂਰੀ ਅੰਦਰ ਤਾਇਨਾਤ ਕੀਤਾ ਜਾਵੇਗਾ।
ਇਸ ਯੋਜਨਾ ਦਾ ਲਾਭ ਸਟਾਫ ਨਰਸਾਂ, ਮਹਿਲਾ ਪੁਲਿਸ ਕਰਮਚਾਰੀਆਂ, ਅਧਿਆਪਕਾਵਾਂ ਅਤੇ ਹੋਰ ਯੋਗ ਮਹਿਲਾ ਕਰਮਚਾਰੀਆਂ ਨੂੰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿਚਕਾਰ ਬਿਹਤਰ ਸੰਤੁਲਨ ਕਾਇਮ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਕਈ ਮਹਿਲਾ ਕਰਮਚਾਰੀਆਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਸੀ, ਜਿੱਥੇ ਉਨ੍ਹਾਂ ਦੀ ਤਾਇਨਾਤੀ ਘਰ ਤੋਂ 200 ਕਿਲੋਮੀਟਰ ਤੱਕ ਦੂਰ ਹੋਣ ਕਾਰਨ ਪਰਿਵਾਰ ਨਾਲ ਸਮਾਂ ਬਿਤਾਉਣਾ ਮੁਸ਼ਕਲ ਹੋ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਨਵੀਂ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਕਰਮਚਾਰੀਆਂ ਸਰਕਾਰੀ ਫਾਰਮ ਭਰਦੇ ਸਮੇਂ ਆਪਣੇ ਪੇਕੇ ਜਾਂ ਸਹੁਰੇ ਘਰ ਦਾ ਪਤਾ ਦਰਜ ਕਰ ਸਕਣਗੀਆਂ। 40 ਕਿਲੋਮੀਟਰ ਦੀ ਦੂਰੀ ਕੇਵਲ ਵੱਧ ਤੋਂ ਵੱਧ ਸੀਮਾ ਹੋਵੇਗੀ, ਜਦਕਿ ਤਾਇਨਾਤੀ 15 ਜਾਂ 20 ਕਿਲੋਮੀਟਰ ਦੇ ਅੰਦਰ ਵੀ ਕੀਤੀ ਜਾ ਸਕਦੀ ਹੈ।
ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਭਰ ਦੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।














