ਫ਼ਿਰੋਜ਼ਪੁਰ,22 ਜੂਨ 2026 AJ DI Awaaj
Punjab Desk : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਪ੍ਰਿੰਸੀਪਲ ਸਕੱਤਰ ਸਿਹਤ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੀ ਅਗਵਾਈ ਹੇਠ ਹੋਈ ਸਿਵਲ ਸਰਜਨ ਕਾਨਫਰੰਸ ਦੌਰਾਨ ਮਿਲੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੀ ਅਗਵਾਈ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਤਹਿਤ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ, ਮੁੱਖ ਮੰਤਰੀ ਸਿਹਤ ਯੋਜਨਾ, ਲਿੰਗ ਅਨੁਪਾਤ ਵਿੱਚ ਸੁਧਾਰ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਿਹਤ ਸੰਭਾਲ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਉਹ ਆਮ ਆਦਮੀ ਕਲੀਨਿਕ ਜਾਂ ਕਿਸੇ ਸਰਕਾਰੀ ਸਿਹਤ ਸੰਸਥਾ ਵਿੱਚ ਸਿਹਤ ਸੇਵਾਵਾਂ ਲੈਣ ਜਾਣ ਤਾਂ ਆਪਣਾ ਸਹੀ ਅਤੇ ਚਾਲੂ ਮੋਬਾਈਲ ਨੰਬਰ ਹੀ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਅਤੇ ਹੋਰ ਜਨ-ਭਲਾਈ ਯੋਜਨਾਵਾਂ ਸਬੰਧੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਉਣ ਲਈ ਸਹੀ ਫ਼ੋਨ ਨੰਬਰ ਬਹੁਤ ਜ਼ਰੂਰੀ ਹੈ।
ਡਾ. ਢੀਂਗਰਾ ਨੇ ਲੋਕਾਂ ਨੂੰ ਆਪਣੀ ਆਭਾ (ABHA) ਆਈ.ਡੀ. ਬਣਵਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਆਭਾ ਆਈ.ਡੀ. ਰਾਹੀਂ ਨਾਗਰਿਕਾਂ ਦਾ ਡਿਜ਼ੀਟਲ ਸਿਹਤ ਰਿਕਾਰਡ ਸੁਰੱਖਿਅਤ ਰਹਿੰਦਾ ਹੈ ਅਤੇ ਲੋੜ ਪੈਣ ‘ਤੇ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿੱਚ ਸਹੂਲਤ ਮਿਲਦੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਟੀ.ਬੀ. ਜਾਂਚ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਖੰਘ, ਬੁਖ਼ਾਰ, ਵਜ਼ਨ ਘਟਣ ਜਾਂ ਹੋਰ ਟੀ.ਬੀ. ਦੇ ਲੱਛਣ ਹੋਣ ਦੀ ਸੂਰਤ ਵਿੱਚ ਤੁਰੰਤ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸ਼ੁਸ਼ਮਾ ਠੱਕਰ ਨੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਨਿਯਮਤ ਨਿਗਰਾਨੀ ਅਤੇ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਜ਼ੌਰਾ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ, ਮਾਤਾ ਅਤੇ ਬਾਲ ਸਿਹਤ ਸੇਵਾਵਾਂ ਦੀ ਮਜ਼ਬੂਤੀ ਅਤੇ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨਾ ਵਿਭਾਗ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ।
ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਪ੍ਰੋਗਰਾਮ ਅਫ਼ਸਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਨੇ ਭਾਗ ਲਿਆ।














