ਕੋਈ ਬੱਚਾ ਪੋਲੀਓ ਬੂੰਦਾਂ ਤੋਂ ਨਾ ਰਹੇ ਵਾਂਝਾ

23
ਬਰਨਾਲਾ, 29 ਜੂਨ 2026 AJ DI Awaaj
Punjab Desk :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸਫ਼ਲਤਾਪੂਰਵਕ ਚਲਾਉਣ ਲਈ ਸੁਪਰਵੀਜ਼ਨ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਉਣ ਲਈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਵੱਲੋਂ ਬਰਨਾਲਾ ਸ਼ਹਿਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਵੱਲੋਂ ਮਹਿਲ ਕਲਾਂ ਬਲਾਕ ਦੀ ਵਿਸ਼ੇਸ਼ ਸੁਪਰਵੀਜ਼ਨ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦੋ ਦਿਨਾਂ ਦੌਰਾਨ 41,500 (ਲਗਭਗ 80 ਪ੍ਰਤੀਸ਼ਤ) 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ। ਇਹ ਸਫ਼ਲਤਾ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਸਦਕਾ ਹਾਸਲ ਹੋਈ ਹੈ। ਬਾਕੀ ਰਹਿ ਗਏ ਬੱਚਿਆਂ ਨੂੰ ਮਿਤੀ 30 ਜੂਨ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਇਸ ਸੁਰੱਖਿਆ ਕਵਚ ਤੋਂ ਵਾਂਝਾ ਨਾ ਰਹੇ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਭਾਵੇਂ ਭਾਰਤ ਨੂੰ ਸਾਲ 2014 ਵਿੱਚ ਹੀ ਪੋਲੀਓ ਮੁਕਤ ਹੋਣ ਦਾ ਸਰਟੀਫਿਕੇਟ ਮਿਲ ਚੁੱਕਾ ਹੈ, ਪਰ ਸਾਡੇ ਗੁਆਂਢੀ ਦੇਸ਼ਾਂ ਵਿੱਚ ਅਜੇ ਵੀ ਪੋਲੀਓ ਦੇ ਕੇਸ ਮੌਜੂਦ ਹਨ। ਇਸੇ ਖ਼ਤਰੇ ਦੇ ਮੱਦੇਨਜ਼ਰ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਮੁਹਿੰਮ ਦੀ ਮੁਕੰਮਲ ਸਫ਼ਲਤਾ ਲਈ ਜ਼ਿਲ੍ਹਾ ਬਰਨਾਲਾ ਦੇ ਨਿਵਾਸੀਆਂ ਅਤੇ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਸੁਪਰਵਾਇਜ਼ਰੀ ਟੀਮਾਂ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਸਿਹਤ ਵਿਭਾਗ ਨੂੰ ਇਸ ਕਾਰਜ ਵਿੱਚ ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।