1000 ਰੁਪਏ ਸਕੀਮ, ਜਾਣੋ ਕਿੱਥੇ ਤੇ ਕਿਵੇਂ ਕਰਨਾ ਹੈ ਅਪਲਾਈ

48
ਪੰਜਾਬ 02 July 2026 AJ DI Awaaj

Punjab Desk :   ਪੰਜਾਬ ਸਰਕਾਰ ਨੇ ਆਪਣੀ ਚੋਣੀ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦਾ ਉਦਘਾਟਨ ਕੀਤਾ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਹਿਲੀਆਂ ਤਿੰਨ ਮਹੀਨਿਆਂ ਦੀ ਰਕਮ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ।

ਸਰਕਾਰ ਮੁਤਾਬਕ, ਇਸ ਯੋਜਨਾ ਤਹਿਤ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਰਕਮ ਇਕੱਠੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਆਮ ਲਾਭਪਾਤਰੀਆਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਯੋਗ ਮਹਿਲਾਵਾਂ ਨੂੰ 4,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ 40 ਲੱਖ ਤੋਂ ਵੱਧ ਮਹਿਲਾਵਾਂ ਪਹਿਲਾਂ ਹੀ ਇਸ ਯੋਜਨਾ ਲਈ ਰਜਿਸਟਰ ਹੋ ਚੁੱਕੀਆਂ ਹਨ। ਸਰਕਾਰ ਦਾ ਅਨੁਮਾਨ ਹੈ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਯੋਗ ਮਹਿਲਾਵਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਲਈ ਸੂਬਾ ਸਰਕਾਰ ਨੇ ਆਪਣੇ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।

ਕਿੱਥੇ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ?

ਯੋਗ ਮਹਿਲਾਵਾਂ ਹੇਠ ਲਿਖੇ ਸਰਕਾਰੀ ਕੇਂਦਰਾਂ ‘ਤੇ ਮੁਫ਼ਤ ਆਫਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ।

  • ਨਜ਼ਦੀਕੀ ਆਂਗਣਵਾੜੀ ਕੇਂਦਰ
  • ਸੇਵਾ ਕੇਂਦਰ
  • ਮਿਉਂਸਪਲ ਕੌਂਸਲ ਦਫ਼ਤਰ
  • ਸਬੰਧਤ ਬਲਾਕ ਦਫ਼ਤਰ
ਲੋੜੀਂਦੇ ਦਸਤਾਵੇਜ਼
  • ਆਧਾਰ ਕਾਰਡ
  • ਪੰਜਾਬ ਦਾ ਵੋਟਰ ਆਈਡੀ ਕਾਰਡ
  • ਆਧਾਰ ਨਾਲ ਲਿੰਕ ਬੈਂਕ ਖਾਤੇ ਦੀ ਪਾਸਬੁੱਕ ਜਾਂ ਵੇਰਵੇ
  • ਆਮਦਨ ਸਰਟੀਫਿਕੇਟ (ਜਿੱਥੇ ਲਾਗੂ ਹੋਵੇ)
  • ਪਾਸਪੋਰਟ ਸਾਈਜ਼ ਫੋਟੋ
  • ਅਨੁਸੂਚਿਤ ਜਾਤੀ ਸਰਟੀਫਿਕੇਟ (ਵਾਧੂ ਲਾਭ ਲਈ ਯੋਗ ਬਿਨੈਕਾਰਾਂ ਵਾਸਤੇ)
ਅਪਲਾਈ ਕਰਨ ਦੀ ਪ੍ਰਕਿਰਿਆ

ਸਭ ਤੋਂ ਪਹਿਲਾਂ ਨਜ਼ਦੀਕੀ ਰਜਿਸਟ੍ਰੇਸ਼ਨ ਕੇਂਦਰ ‘ਤੇ ਜਾਓ ਅਤੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਫਾਰਮ ਪ੍ਰਾਪਤ ਕਰੋ। ਫਾਰਮ ਵਿੱਚ ਮੰਗੀ ਗਈ ਸਾਰੀ ਜਾਣਕਾਰੀ ਧਿਆਨ ਨਾਲ ਭਰੋ ਅਤੇ ਲੋੜੀਂਦੇ ਦਸਤਾਵੇਜ਼ ਨੱਥੀ ਕਰਕੇ ਨਿਰਧਾਰਤ ਅਧਿਕਾਰੀ ਕੋਲ ਜਮ੍ਹਾਂ ਕਰਵਾਓ। ਫਾਰਮ ਜਮ੍ਹਾਂ ਕਰਵਾਉਣ ਤੋਂ ਬਾਅਦ ਰਸੀਦ ਆਪਣੇ ਕੋਲ ਸੰਭਾਲ ਕੇ ਰੱਖੋ।

ਜਿਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਕੀ ਕਰਨ?

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਮਹਿਲਾਵਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਹੁਣ ਵੀ ਕਿਸੇ ਵੀ ਸਮੇਂ ਅਪਲਾਈ ਕਰ ਸਕਦੀਆਂ ਹਨ। ਸਫਲ ਜਾਂਚ ਅਤੇ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਨੂੰ ਵੀ 1 ਜੁਲਾਈ ਤੋਂ ਲਾਗੂ ਹੋਣ ਵਾਲੀ ਸਤਿਕਾਰ ਰਾਸ਼ੀ ਦਾ ਲਾਭ ਦਿੱਤਾ ਜਾਵੇਗਾ। ਸਰਕਾਰ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਾਰੀਖ਼ ਨਿਰਧਾਰਤ ਨਹੀਂ ਕੀਤੀ ਗਈ।