ਜੁਲਾਈ ਨੂੰ ‘ਡੇਂਗੂ ਵਿਰੁੱਧ ਮਹੀਨੇ’ ਵਜੋਂ ਮਨਾਉਣ ਦਾ ਐਲਾਨ

19
ਬਰਨਾਲਾ, 3 ਜੁਲਾਈ 2026 AJ DI Awaaj
Punjab Desk :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਜੁਲਾਈ ਮਹੀਨੇ ਨੂੰ “ਡੇਂਗੂ ਵਿਰੁੱਧ ਮਹੀਨੇ” ਵਜੋਂ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਬਰਸਾਤੀ ਸੀਜ਼ਨ ਵਿੱਚ ਡੇਂਗੂ ਤੋਂ ਬਚਾਅ ਲਈ ਟੀਮਾਂ ਨੂੰ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਵਿਭਾਗ ਨੂੰ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਸ਼ ਕੁਮਾਰ ਅਤੇ ਡਾ. ਸਾਕਸ਼ੀ ਸੋਨੀ ਨੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ, ਤੇਜ਼ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ ਜਾਂ ਨੱਕ ਅਤੇ ਮੂੰਹ ਵਿੱਚੋਂ ਖੂਨ ਆਉਣ ਵਰਗੇ ਲੱਛਣ ਦਿਖਾਈ ਦੇਣ, ਤਾਂ ਉਸਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡੇਂਗੂ ਦਾ ਇਲਾਜ ਅਤੇ ਇਸਦੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।
ਸਿਹਤ ਸੁਪਰਵਾਈਜ਼ਰ ਗੁਰਮੇਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸ਼ਹਿਣਾ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ 67 ਟੀਮਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ। ਇਸ ਸਰਵੇ ਦੌਰਾਨ ਘਰਾਂ ਦੇ ਅੰਦਰ ਅਤੇ ਬਾਹਰ ਖੜ੍ਹੇ ਪਾਣੀ ਵਾਲੇ ਸਰੋਤਾਂ ਵਿੱਚ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਿੱਥੇ ਵੀ ਲਾਰਵਾ ਮਿਲਦਾ ਹੈ, ਉਸਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਜਾਂਦਾ ਹੈ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਗਰੁੱਪ ਮੀਟਿੰਗਾਂ, ਪੈਂਫਲੈਟਸ, ਪੋਸਟਰਾਂ, ਪ੍ਰੈੱਸ ਕਵਰੇਜ ਅਤੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਲੇ-ਦੁਆਲੇ, ਟੁੱਟੇ-ਫੁੱਟੇ ਬਰਤਨਾਂ, ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਹਰੇਕ ਸ਼ੁੱਕਰਵਾਰ ਨੂੰ ‘ਖੁਸ਼ਕ ਦਿਵਸ’ ਮਨਾ ਕੇ ਪਾਣੀ ਦੇ ਸਰੋਤਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ, ਪੂਰਾ ਦਿਨ ਧੁੱਪ ਲਗਾ ਕੇ ਹੀ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ। ਬਰਨਾਲਾ ਸ਼ਹਿਰ ਵਿੱਚ ਇਹ ਬਚਾਅ ਗਤੀਵਿਧੀਆਂ ਸਿਹਤ ਕਰਮਚਾਰੀ ਜਸਵਿੰਦਰ ਸਿੰਘ, ਗਣੇਸ਼ ਦੱਤ ਅਤੇ ਇਨਸੈਕਟ ਕੁਲੈਕਟਰ ਗੁਲਾਬ ਸਿੰਘ ਦੀ ਟੀਮ ਵੱਲੋਂ ਸਰਗਰਮੀ ਨਾਲ ਕੀਤੀਆਂ ਜਾ ਰਹੀਆਂ ਹਨ।