ਸਕੂਲ ਦਾਖਲਿਆਂ ਦੀ ਆਖ਼ਰੀ ਮਿਤੀ ਵਧ ਸਕਦੀ ਹੈ, ਸਿੱਖਿਆ ਬੋਰਡ ਦੇ ਚੇਅਰਮੈਨ ਨੇ ਦਿੱਤੇ ਸੰਕੇਤ

18

ਚੰਡੀਗੜ੍ਹ: 07 July 2026 AJ DI Awaaj

Chandigarh Desk :  ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਜੇ ਲੋੜ ਮਹਿਸੂਸ ਹੋਈ ਤਾਂ ਸਕੂਲਾਂ ਵਿੱਚ ਦਾਖਲਿਆਂ ਦੀ ਆਖ਼ਰੀ ਮਿਤੀ ਵਧਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਫਿਲਹਾਲ ਬੋਰਡ ਵੱਲੋਂ ਦਾਖਲਿਆਂ ਦੀ ਆਖ਼ਰੀ ਮਿਤੀ 10 ਜੁਲਾਈ ਨਿਰਧਾਰਿਤ ਕੀਤੀ ਗਈ ਹੈ।

ਬਾਬਾ ਬਕਾਲਾ ਸਾਹਿਬ ਵਿਖੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਸਨਮਾਨ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਹਰ ਫ਼ੈਸਲਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਹਰ ਵਿਦਿਆਰਥੀ ਲਈ ਡਿਜੀਟਲ ਜਨਮ ਪ੍ਰਮਾਣ ਪੱਤਰ ਲਾਜ਼ਮੀ ਕੀਤਾ ਗਿਆ ਹੈ। ਇਸ ਦਾ ਉਦੇਸ਼ ਭਵਿੱਖ ਵਿੱਚ ਸਰਟੀਫਿਕੇਟਾਂ ਅਤੇ ਹੋਰ ਦਸਤਾਵੇਜ਼ਾਂ ਵਿੱਚ ਹੋਣ ਵਾਲੀਆਂ ਕਲੈਰੀਕਲ ਗਲਤੀਆਂ ਨੂੰ ਰੋਕਣਾ ਹੈ।

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਰਤੀ ਦਾ ਮਾਮਲਾ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਜਦਕਿ ਸਿੱਖਿਆ ਬੋਰਡ ਦੀ ਜ਼ਿੰਮੇਵਾਰੀ ਅਕਾਦਮਿਕ ਅਤੇ ਪ੍ਰੀਖਿਆਵਾਂ ਨਾਲ ਸਬੰਧਤ ਕੰਮਾਂ ਤੱਕ ਸੀਮਤ ਹੈ।

ਇਸ ਮੌਕੇ ਡਾ. ਅਮਰਪਾਲ ਸਿੰਘ ਨੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਏਸੀ ਕੈਂਪਸ ਅਤੇ ਕੰਪਿਊਟਰ ਲੈਬ ਦਾ ਉਦਘਾਟਨ ਵੀ ਕੀਤਾ। ਸਮਾਗਮ ਦੌਰਾਨ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।