13 July 2026 Aj Di Awaaj
Chandigarh Desk: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਫਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਤੋਂ ਫਿਲਮ ਵਿੱਚ ਦਰਸਾਏ ਗਏ 25 ਹਜ਼ਾਰ ਲਾਪਤਾ ਲੋਕਾਂ ਦੇ ਦਾਅਵੇ ਸਬੰਧੀ ਦਸਤਾਵੇਜ਼ੀ ਸਬੂਤ ਅਤੇ ਅਧਿਕਾਰਤ ਰਿਕਾਰਡ ਜਨਤਕ ਕਰਨ ਦੀ ਮੰਗ ਕੀਤੀ ਹੈ।
ਬਿੱਟੂ ਨੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ ਆਪਣੇ ਦਾਅਵੇ ਦੇ ਹੱਕ ਵਿੱਚ ਸਬੂਤ ਪੇਸ਼ ਕਰਦੇ ਹਨ ਤਾਂ ਉਹ ਜਨਤਕ ਤੌਰ ‘ਤੇ ਮਾਫ਼ੀ ਮੰਗਣ ਲਈ ਤਿਆਰ ਹਨ। ਜੇਕਰ ਸਬੂਤ ਪੇਸ਼ ਨਹੀਂ ਕੀਤੇ ਜਾਂਦੇ ਤਾਂ ਉਹ ਅਗਲੀ ਕਾਰਵਾਈ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਦੁਖਦਾਈ ਇਤਿਹਾਸ ਨੂੰ ਕਿਸੇ ਇੱਕ ਵਿਚਾਰਧਾਰਾ ਜਾਂ ਪੱਖ ਤੋਂ ਨਹੀਂ ਦਿਖਾਇਆ ਜਾਣਾ ਚਾਹੀਦਾ। ਜੇਕਰ ਫਿਲਮ ਵਿੱਚ ਦਰਸਾਏ ਗਏ ਅੰਕੜੇ ਸਿਰਫ਼ ਅੰਦਾਜ਼ਿਆਂ ਜਾਂ ਦੋਸ਼ਾਂ ‘ਤੇ ਆਧਾਰਿਤ ਹਨ, ਤਾਂ ਉਨ੍ਹਾਂ ਨੂੰ ਤੱਥਾਂ ਵਜੋਂ ਪੇਸ਼ ਕਰਨਾ ਠੀਕ ਨਹੀਂ ਹੈ।
ਰਵਨੀਤ ਬਿੱਟੂ ਨੇ ਇਹ ਵੀ ਦੋਸ਼ ਲਗਾਇਆ ਕਿ ਫਿਲਮ ਵਿੱਚ ਅੱਤਵਾਦ ਦੇ ਦੌਰ ਦੇ ਇਤਿਹਾਸ ਨੂੰ ਇੱਕ ਪੱਖੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਉਸ ਸਮੇਂ ਮਾਰੇ ਗਏ ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ, ਮਜ਼ਦੂਰਾਂ ਅਤੇ ਹੋਰ ਆਮ ਨਾਗਰਿਕਾਂ ਦੀਆਂ ਘਟਨਾਵਾਂ ਨੂੰ ਫਿਲਮ ਵਿੱਚ ਕਿਉਂ ਨਹੀਂ ਦਿਖਾਇਆ ਗਿਆ।
ਫਿਲਮ ‘ਸਤਲੁਜ’ ਨੂੰ ਲੈ ਕੇ ਪੰਜਾਬ ਵਿੱਚ ਪਹਿਲਾਂ ਹੀ ਚਰਚਾ ਜਾਰੀ ਹੈ ਅਤੇ ਇਸ ਮੁੱਦੇ ‘ਤੇ ਵੱਖ-ਵੱਖ ਧਿਰਾਂ ਵੱਲੋਂ ਆਪਣੀਆਂ-ਆਪਣੀਆਂ ਰਾਏ ਪ੍ਰਗਟ ਕੀਤੀਆਂ ਜਾ ਰਹੀਆਂ ਹਨ।



















