ਜਲੰਧਰ 17 July 2026 AJ DI Awaaj
Punjab Desk : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਲੰਧਰ ਦੌਰੇ ਦੌਰਾਨ 5,470 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਯੋਜਨਾਵਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਚੱਲਣ ਵਾਲੀ ਸੀਰ ਗੋਵਰਧਨਪੁਰ ਵਾਰਾਣਸੀ ਐਕਸਪ੍ਰੈਸ ਨੂੰ ਹਰੀ ਝੰਡੀ ਵੀ ਦਿਖਾਈ।
ਸਕੂਲੀ ਬੱਚਿਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰੇਲਗੱਡੀ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਕਿਸਾਨਾਂ ਵਾਲੀ ਹਰੀ ਪੱਗ ਬੰਨ੍ਹ ਕੇ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ।
ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਇਸ਼ਤਿਹਾਰਾਂ ਰਾਹੀਂ ਅਸਲ ਹਾਲਾਤਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂ*ਗਵਾਰ, ਫਿ*ਰੌਤੀ, ਨ*ਸ਼ਿਆਂ ਅਤੇ ਅ*ਪਰਾਧ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਵਪਾਰ ਅਤੇ ਉਦਯੋਗ ਪ੍ਰਭਾਵਿਤ ਹੋ ਰਹੇ ਹਨ।
PM ਮੋਦੀ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ਾ ਲੈ ਕੇ ਰਾਜ ਚਲਾ ਰਹੀ ਹੈ ਅਤੇ ਉਧਾਰ ਦੇ ਪੈਸਿਆਂ ‘ਤੇ ਮੌਜ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਲੋਕ ਦੇਸ਼ ਦੀ ਰਾਜਨੀਤੀ ਬਦਲਣ ਦੇ ਦਾਅਵੇ ਕਰਦੇ ਸਨ, ਅੱਜ ਉਨ੍ਹਾਂ ਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਇੱਕ ਆਗੂ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਹਵਾਲਾ ਦਿੰਦਿਆਂ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਿਆ।
ਰੈਲੀ ਦੌਰਾਨ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਕਰਮਜੀਤ ਸਾਹਨੀ, ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਉਨ੍ਹਾਂ ਨੇ 10 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਵਿਕਾਸ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਵੀ ਲਾਭਕਾਰੀ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਚੰਡੀਗੜ੍ਹ ਵਿੱਚ ਨਵੇਂ ਐਮਬੀਬੀਐਸ ਕਾਲਜ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਉੱਥੇ ਪੜ੍ਹਾਈ ਸ਼ੁਰੂ ਹੋਵੇਗੀ। ਸਮਾਗਮ ਵਿੱਚ ਚੰਡੀਗੜ੍ਹ ਤੋਂ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਕੰਗ ਵੀ ਮੌਜੂਦ ਰਹੇ।



















