ਨੌਜਵਾਨਾਂ ਤੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ ਕੇਂਦਰ ਸਰਕਾਰ: ਪੰਨੂ

28

ਚੰਡੀਗੜ੍ਹ: 22 July 2026 AJ DI Awaaj

Chandigarh Desk :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਅਤੇ ਕਿਸਾਨ ਦੋਵੇਂ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਹਨ, ਪਰ ਸਰਕਾਰ ਗੱਲਬਾਤ ਕਰਨ ਦੀ ਬਜਾਏ ਤਾਕਤ ਦੀ ਵਰਤੋਂ ਕਰ ਰਹੀ ਹੈ।

ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ ‘ਤੇ ਸ਼ਾਂਤਮਈ ਧਰਨਾ ਦੇ ਰਹੇ ਹਨ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਵਿਦਿਆਰਥੀਆਂ ਨੇ ਨਾ ਤਾਂ ਹਿੰ*ਸਾ ਕੀਤੀ ਅਤੇ ਨਾ ਹੀ ਲੋਕਾਂ ਲਈ ਕੋਈ ਰੁਕਾਵਟ ਪੈਦਾ ਕੀਤੀ, ਫਿਰ ਵੀ ਦਿੱਲੀ ਪੁਲਿਸ ਵੱਲੋਂ ਉਨ੍ਹਾਂ ‘ਤੇ ਕਾਰਵਾਈ ਕੀਤੀ ਗਈ।

ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਕਾਰਵਾਈ ਦੌਰਾਨ ਨਾਬਾਲਗ ਵਿਦਿਆਰਥੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ, ਜਿਸ ਕਾਰਨ ਕਈ ਵਿਦਿਆਰਥੀ ਜ਼*ਖ਼ਮੀ ਹੋਏ ਅਤੇ ਕੁਝ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਨੂ ਨੇ ਇਸ ਨੂੰ ਵਿਦਿਆਰਥੀ ਵਿਰੋਧੀ ਰਵੱਈਏ ਦੀ ਨਿਸ਼ਾਨੀ ਕਰਾਰ ਦਿੱਤਾ।

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਪ੍ਰਭਾਵਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਅਤੇ ਜ਼*ਖ਼ਮੀਆਂ ਨੂੰ ਹਰ ਸੰਭਵ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।

ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਵਪਾਰਕ ਨੀਤੀਆਂ ਭਾਰਤੀ ਕਿਸਾਨਾਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਕਾਰਨ ਖ਼ਾਸ ਕਰਕੇ ਪੰਜਾਬ ਦੇ ਨਰਮਾ ਉਤਪਾਦਕਾਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਸਕਦਾ ਹੈ, ਕਿਉਂਕਿ ਅਮਰੀਕਾ ਤੋਂ ਆਉਣ ਵਾਲਾ ਨਰਮਾ ਘੱਟੋ-ਘੱਟ ਸਮਰਥਨ ਮੁੱਲ (MSP) ਨਾਲੋਂ ਵੀ ਸਸਤਾ ਹੋ ਸਕਦਾ ਹੈ।

ਉਨ੍ਹਾਂ ਨੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਸ਼ੰਭੂ ਬਾਰਡਰ ‘ਤੇ ਰੋਕਾਂ ਲਗਾਈਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ੰਭੂ ਬਾਰਡਰ ਤੁਰੰਤ ਖੋਲ੍ਹਿਆ ਜਾਵੇ ਤਾਂ ਜੋ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੱਕ ਸ਼ਾਂਤੀਪੂਰਵਕ ਪਹੁੰਚਾ ਸਕਣ।

ਪੰਨੂ ਨੇ ਕਿਹਾ ਕਿ ਸ਼ਾਂਤਮਈ ਵਿਰੋਧ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਸਰਕਾਰ ਨੂੰ ਬੈਰੀਕੇਡ ਲਗਾਉਣ ਦੀ ਬਜਾਏ ਗੱਲਬਾਤ ਰਾਹੀਂ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਪਿਛਲੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ 750 ਤੋਂ ਵੱਧ ਕਿਸਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਤਿਹਾਸ ਤੋਂ ਸਬਕ ਲੈਂਦੇ ਹੋਏ ਜਮਹੂਰੀ ਆਵਾਜ਼ਾਂ ਦਾ ਸਨਮਾਨ ਕਰਨਾ ਚਾਹੀਦਾ ਹੈ।