ਬਰਨਾਲਾ, 24 ਜੁਲਾਈ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ਨੀਤੀ ਤਹਿਤ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ‘ਈ-ਸੇਵਾ’ ਪੋਰਟਲ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਫੈਸਲੇ ਤਹਿਤ ਹੁਣ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਨੂੰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਕੋਲ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਮੁੱਢਲੀ ਦੇਖਭਾਲ ਅਤੇ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।
ਇਸ ਰਜਿਸਟ੍ਰੇਸ਼ਨ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਨੂੰ ਗੁਣਵੱਤਾ ਭਰਪੂਰ, ਸੁਰੱਖਿਅਤ ਅਤੇ ਵਧੀਆ ਮੁੱਢਲੀ ਸਿੱਖਿਆ ਦਾ ਮਾਹੌਲ ਉਪਲਬਧ ਕਰਵਾਉਣਾ ਹੈ। ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਨਾਲ ਸੰਸਥਾਵਾਂ ਦੇ ਸੁਚਾਰੂ ਸੰਚਾਲਨ ਅਤੇ ਸਿੱਖਿਆ ਦੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਅਤੇ ਸਬੰਧਤ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ।
ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਜਾਂ ਮਾਰਗਦਰਸ਼ਨ ਲਈ ਸਬੰਧਤ ਪ੍ਰਬੰਧਕ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ (ਸਾਹਮਣੇ ਰੈੱਡ ਕਰਾਸ ਭਵਨ, ਤਹਿਸੀਲ ਕੰਪਲੈਕਸ) ਵਿਖੇ ਪਹੁੰਚ ਕੇ ਸੰਪਰਕ ਕਰ ਸਕਦੇ ਹਨ।












