ਲਹਿਰਾਗਾਗਾ, 24 ਜੁਲਾਈ 2026 AJ DI Awaaj
Punjab Desk : ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਵੱਲੋਂ ‘ਮਿਸ਼ਨ ਹਰਿਆਲੀ 2026’ ਤਹਿਤ ਪੂਰੇ ਪੰਜਾਬ ਵਿੱਚ 9 ਲੱਖ ਬੂਟੇ ਲਗਾਉਣ ਦੀ ਮਹੱਤਵਾਕਾਂਕਸ਼ੀ ਮੁਹਿੰਮ ਦਾ ਆਗਾਜ਼ ਅੱਜ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਆਪਣਾ ਪੰਜਾਬ ਫਾਊਂਡੇਸ਼ਨ (ਫੈਪ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ।
ਉਨ੍ਹਾਂ ਨੇ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਨ ਸੰਭਾਲ, ਜੀਵਨ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਪੂਰੀ ਦੇਖਭਾਲ ਕਰਕੇ ਉਸ ਨੂੰ ਦਰੱਖਤ ਬਣਾਏ। ਇਸ ਦੌਰਾਨ ਉਨ੍ਹਾਂ ਨੇ ਬੂਟਿਆਂ ਦੀ ਸਹੀ ਦੇਖਭਾਲ ਅਤੇ ਸੰਭਾਲ ਸਬੰਧੀ ਕਈ ਲਾਭਦਾਇਕ ਨੁਕਤੇ ਵੀ ਸਾਂਝੇ ਕੀਤੇ।
ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਸ੍ਰੀ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਹਰਿਆਲੀ 2026’ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਉਂਤਬੱਧ ਢੰਗ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ।
ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ ‘ਮਿਸ਼ਨ ਹਰਿਆਲੀ 2026’ ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ।
ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

















